ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਲ ਹੁੰਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਜਾਰੀ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਲ ਹੁੰਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਜਾਰੀ

-30 ਸਤੰਬਰ ਤੱਕ ਕੰਬਾਇਨ ਹਾਰਵੈਸਟਰ ਤੇ ਸੁਪਰ ਐਸ.ਐਮ.ਐਸ. ਲਗਾਉਣ ਲਈ ਸਬਸਿਡੀ ਲਈ ਦਿੱਤੀਆਂ ਜਾ ਸਕਦੀਆਂ ਹਨ ਦਰਖਾਸਤਾਂ : ਮੁੱਖ ਖੇਤੀਬਾੜੀ ਅਫ਼ਸਰ
-ਪਰਾਲੀ ਸਾੜਨ ਦੀ ਥਾਂ ਸੰਭਾਲਣ ਲਈ 80 ਫ਼ੀਸਦੀ ਸਬਸਿਡੀ ‘ਤੇ ਮਿਲਦੀ ਹੈ ਮਸ਼ੀਨਰੀ
-ਕਿਸਾਨ ਸਲਾਹ ਲਈ ਟੋਲ ਫ਼ਰੀ ਨੰਬਰ 18001801551 ‘ਤੇ ਕਰ ਸਕਦੇ ਨੇ ਸੰਪਰਕ
ਪਟਿਆਲਾ, 26 ਸਤੰਬਰ:
ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਜਾਗਰੂਕ ਕਰਨ ਲਈ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ‘ਚ ਕਿਸਾਨਾਂ ਨੂੰ ਪਰਾਲੀ ਦੇ ਸਹੀ ਨਿਪਟਾਰੇ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਇੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਤੇ ਇਸ ਦੇ ਹੱਲ ਲਈ ਮਾਹਰਾਂ ਵੱਲੋਂ ਪਿੰਡ ਪੱਧਰ ‘ਤੇ ਕੈਂਪ ਲਗਾਕੇ ਸੁਝਾਅ ਦਿੱਤੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਸਰਕਾਰ ਵੱਲੋਂ ਸਵੈਚਲਿਤ ਜਾਂ ਟਰੈਕਟਰ ਨਾਲ ਚੱਲਣ ਵਾਲੇ ਕੰਬਾਈਨ ਹਾਰਵੈਸਟਰ ਤੇ ਸੁਪਰ ਐਸ.ਐਮ.ਐਸ ਲਗਵਾਉਣ ਲਈ ਸਬਸਿਡੀ ਲਈ ਦਰਖਾਸਤਾਂ 30 ਸਤੰਬਰ ਤੋਂ ਪਹਿਲਾਂ ਪਹਿਲਾਂ ਦੇਣ ਤਾਂ ਜੋ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਰੀ ਸਹੀ ਸਮੇਂ ‘ਤੇ ਉਪਲਬਧ ਹੋ ਸਕੇ। ਉਨ੍ਹਾਂ ਦੱਸਿਆ ਕਿ ਦਰਖਾਸਤਾਂ ਦੇਣ ਵਾਲੀਆਂ ਸਹਿਕਾਰੀ ਸਭਾਵਾਂ, ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ, ਰਜਿਸਟਰਡ ਕਿਸਾਨ ਗਰੁੱਪਾਂ, ਗ੍ਰਾਮ ਪੰਚਾਇਤਾਂ, ਫਾਰਮਰ ਪ੍ਰੋਡਿਊਸਰ ਸੰਸਥਾਵਾਂ ਨੂੰ 80 ਫ਼ੀਸਦੀ ਸਬਸਿਡੀ ਤੇ ਨਿੱਜੀ ਕਿਸਾਨ ਲਈ 50 ਫ਼ੀਸਦੀ ਸਬਸਿਡੀ ‘ਤੇ ਮਸ਼ੀਨਰੀ ਲੈ ਸਕਣਗੇ।
ਡਾ. ਸੰਧੂ ਨੇ ਮਸ਼ੀਨਰੀ ਦੀ ਚੋਣ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨ ਨੇ ਜਿਸ ਫ਼ਰਮ ਤੋਂ ਮਸ਼ੀਨ ਲਗਵਾਉਣੀ ਹੈ, ਉਨ੍ਹਾਂ ਦੀਆਂ ਮਸ਼ੀਨਾਂ ਭਾਰਤ ਸਰਕਾਰ ਦੇ ਕਿਸੇ ਟੈਸਟਿੰਗ ਸੈਂਟਰ ਤੋਂ ਟੈਸਟ ਹੋਣ ਅਤੇ ਵਿਭਾਗ ਜਾਂ ਪੀ.ਏ.ਯੂ. ਵੱਲੋਂ ਜਾਰੀ ਕੀਤੀ ਲਿਸਟ ਵਿੱਚ ਹੋਣ। ਉਨ੍ਹਾਂ ਦੱਸਿਆ ਕਿ ਕਿਸਾਨ ਸਬਸਿਡੀ ਲਈ ਆਪਣੇ ਬਿਨੈ ਪੱਤਰ ਖੇਤੀਬਾੜੀ ਵਿਭਾਗ ਦੇ ਬਲਾਕ ਖੇਤੀਬਾੜੀ ਅਫ਼ਸਰ ਜਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਦੇ ਸਕਦੇ ਹਨ ਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਕਾਲ ਸੈਂਟਰ ਦੇ ਟੋਲ ਫ਼ਰੀ ਨੰਬਰ 18001801551 ‘ਤੇ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਸਲਾਹ ਪ੍ਰਾਪਤ ਕੀਤੀ ਜਾ ਸਕਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਖੇਤੀ ਸੰਦਾਂ ‘ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ  ਲਾਭ ਉਠਾਉਣ ਦੀ ਅਪੀਲ ਕਰਦਿਆ ਕਿਹਾ ਕਿ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਤੇ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਲਈ ਇਨ੍ਹਾਂ ਉਪਕਰਨਾਂ ਦੀ ਵਰਤੋਂ ਕਰਨ ਨੂੰ ਪਹਿਲ ਦਿੱਤੀ ਜਾਵੇ।