ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਢੁਕਵਾਂ ਜੁਰਮਾਨਾ
ਤਰਨ ਤਾਰਨ, 20 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਉਹਨਾਂ ਕਿਹਾ ਕਿ ਜੋ ਕਿਸਾਨ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਗੇ, ਉਹਨਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਕੇ ਢੁਕਵਾਂ ਜੁਰਮਾਨਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਡੇ ਵਾਤਾਵਰਣ ਅਤੇ ਆਉਣ ਵਾਲੀਆਂ ਪੀੜੀਆਂ ਲਈ ਇਹ ਜ਼ਰੂਰੀ ਹੈ ਕਿ ਬਿਨ੍ਹਾਂ ਕੋਈ ਸਾਂਝ ਪਾਲੇ ਸਰਕਾਰੀ ਜੁਰਮਾਨਾ ਲਗਾਇਆ ਜਾਵੇ ਤਾਂ ਜੋ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਹਿੰਮਤ ਨਾ ਕਰੇ। ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜਿਉਂ ਹੀ ਰਿਮੋਟ ਸੈਂਸਿੰਗ ਤੋਂ ਅੱਗ ਲਾਉਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਜਾ ਕੇ ਕਾਰਵਾਈ ਕੀਤੀ ਜਾਵੇ।
ਉਨਾਂ ਦੱਸਿਆ ਕਿ 2 ਏਕੜ ਤੋਂ ਘੱਟ ਪਰਾਲੀ ਸਾੜਨ ‘ਤੇ 2500 ਰੁਪਏ, 2 ਤੋਂ 5 ਏਕੜ ਤੱਕ ਲਈ 5000 ਰੁਪਏ ਅਤੇ 5 ਏਕੜ ਤੋਂ ਵੱਧ ਪਰਾਲੀ ਸਾੜਨ ‘ਤੇ 15000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਲਈ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਗੁਰੇਜ਼ ਕਰਨ।
ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ‘ਤੇ ਰੋਕ ਲਗਾਈ ਗਈ ਹੈ। ਇਸ ਸਬੰਧੀ ਅਜਿਹੀ ਕਿਸੇ ਵੀ ਘਟਨਾ ਦਾ ਪੂਰੀ ਸਟੀਕਤਾ ਨਾਲ ਪਤਾ ਲਗਾਉਣ ਲਈ ਉਪਗ੍ਰਹਿ ਰਾਹੀਂ ਖੇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਅਜਿਹੀ ਘਟਨਾ ਵਾਪਰਦੀ ਹੈ, ਤੁਰੰਤ ਉਪਗ੍ਰਹਿ ਤੋਂ ਸਬੰਧਿਤ ਉਪ-ਮੰਡਲ ਦੀ ਜਾਂਚ ਕਮੇਟੀ ਨੂੰ ਸੁਨੇਹਾ ਆ ਜਾਂਦਾ ਹੈ।
ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨ ਦਾ ਹੀ ਹੁੰਦਾ ਹੈ। ਅੱਗ ਲਗਾਉਣ ਨਾਲ ਜਿੱਥ ਜ਼ਮੀਨ ਦੇ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ, ਉੱਥੇ ਕਿਸਾਨਾਂ ਦੇ ਮਿੱਤਰ ਕੀਟ ਅਤੇ ਖੇਤਾਂ ਵਿੱਚੋਂ ਰੁੱਖ ਮਰ ਜਾਂਦੇ ਹਨ। ਇਸ ਤੋਂ ਬਿਨਾਂ ਇਹ ਧੰੂਆ ਸਭ ਤੋਂ ਜ਼ਿਆਦਾ ਸਾਡੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦਾ ਹੈ।