— ਡਿਪਟੀ ਕਮਿਸ਼ਨਰ, ਐਸ ਐਸ ਪੀ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਰੂਪਨਗਰ, 21 ਅਕਤੂਬਰ:
ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਗਿਆ।
ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਐਸ ਐਸ ਪੀ ਸ਼੍ਰੀ ਵਿਵੇਕ ਐਸ ਸੋਨੀ ਨੇ ਦੱਸਿਆ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਜੋ ਪੁਲਿਸ ਵਿਭਾਗ ਲਈ ਪ੍ਰੇਰਨਾ ਦਾ ਸਰੋਤ ਹਨ।
ਸ਼੍ਰੀ ਵਿਵੇਕ ਐਸ ਸੋਨੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸ਼ਾਮ ਲਾਲ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ ਰੂਪਨਗਰ ਅਸੀਸ਼ ਕੁਮਾਰ ਠਠਈ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ. ਅਮਨਪ੍ਰੀਤ ਸਿੰਘ ਨੇ ਪੁਲਿਸ ਲਾਇਨ ਵਿਖੇ ਸਥਿਤ ਪੁਲਿਸ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਵੀ ਭੇਂਟ ਕੀਤੇ।
ਐਸ ਐਸ ਪੀ ਸ਼੍ਰੀ ਵਿਵੇਕ ਐਸ ਸੋਨੀ ਨੇ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਡੀ.ਐਸ.ਪੀ. ਸ . ਗੁਰਪ੍ਰੀਤ ਸਿੰਘ ਬੈਂਸ ਨੇ ਡਿਊਟੀ ਦੌਰਾਨ 261 ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।
ਸ਼ਹੀਦੀ ਸਮਾਗਮ ਦੇ ਅਖੀਰ ਵਿੱਚ ਐੱਸਐੱਸ.ਪੀ. ਅਤੇ ਡਿਪਟੀ ਕਮਿਸ਼ਨਰ ਨੇ ਸ਼ਹੀਦ ਪਰਿਵਾਰਾਂ ਦਾ ਆਦਰ-ਮਾਣ ਕੀਤਾ।
ਇਸ ਮੌਕੇ ਐਸ ਪੀ ਹੈਡਕੁਆਟਰ ਸ.ਰਾਜਪਾਲ ਸਿੰਘ ਹੁੰਦਲ, ਐਸ ਪੀ ਇਨਵੇਸਟਿਗੇਸ਼ਨ ਡਾ. ਨਵਨੀਤ ਮਾਹਲ, ਡੀਐਸਪੀ ਸ.ਗੁਰਮੀਤ ਸਿੰਘ, ਡੀਐਸਪੀ ਸ. ਮਨਵੀਰ ਸਿੰਘ ਬਾਜਵਾ, ਡੀਐਸਪੀ ਸ਼੍ਰੀ ਅਜੈ ਸਿੰਘ, ਡੀਐਸਪੀ ਸ. ਮਨਜੀਤ ਸਿੰਘ ਔਲਖ, ਡੀਐਸਪੀ ਸ. ਜਰਨੈਲ ਸਿੰਘ, ਡੀਐਸਪੀ ਸ਼੍ਰੀ ਸਤੀਸ਼ ਕੁਮਾਰ, ਰਿਟਾਇਰਡ ਏ ਪੀ ਆਰ ਓ ਰਜਿੰਦਰ ਸੈਣੀ ਅਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

हिंदी






