ਡੇਂਗੂ ਬੁਖ਼ਾਰ ਮਾਦਾ ਏਡੀਜ਼ ਐਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ: ਡਾ. ਜਗਦੀਪ ਸਿੰਘ

Sorry, this news is not available in your requested language. Please see here.

ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ
ਨਵਾਂਸ਼ਹਿਰ, 6 ਅਗਸਤ 2021  ਸ਼ਹੀਦ ਭਗਤ ਸਿੰਘ ਨਗਰ ਦੇ ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਦੀ ਅਗਵਾਈ ਵਿਚ ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਡੇਂਗੂ ਵਿਰੋਧੀ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।  ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁਲਾਮ ਰੋਡ ਉੱਤੇ ਅੱਜ ਡੇਂਗੂ ਵਿਰੋਧੀ ਸਰਵੇਖਣ ਕੀਤਾ ਗਿਆ, ਜਿਸ ਦੌਰਾਨ ਟੀਮ ਵੱਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੇ ਮਲੇਰੀਆ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪ੍ਰਹੇਜ਼ ਜ਼ਿਆਦਾ ਬਿਹਤਰ ਹੈ। ਡੇਂਗੂ ਬੁਖ਼ਾਰ ਦਾ ਸੀਜ਼ਨ ਚੱਲ ਰਿਹਾ ਹੈ। ਡੇਂਗੂ ਬੁਖ਼ਾਰ ਮਾਦਾ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਸ ਨੂੰ ‘ਟਾਈਗਰ ਮੱਛਰ’ ਵੀ ਕਹਿੰਦੇ ਹਨ। ਇਸ ਦੇ ਸਰੀਰ ਉੱਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉੱਪਰ ਪਏ ਟਾਇਰ, ਕਬਾੜ ਆਦਿ ‘ਚ ਖੜ੍ਹੇ ਸਾਫ਼ ਪਾਣੀ ‘ਚ ਪੈਦਾ ਹੁੰਦਾ ਹੈ।ਇਕ ਹਫ਼ਤੇ ‘ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਕ ਚੱਮਚ ਪਾਣੀ ‘ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ।ਉਨ੍ਹਾਂ ਮੀਡੀਆ ਜ਼ਰੀਏ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿਜ਼ ਦੀ ਟਰੇਅ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਬੁਖਾਰ ਵਾਲੇ ਮਰੀਜ਼ ਨੂੰ ਨੇੜੇ ਦੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਮੁਫਤ ਜਾਂਚ ਲਈ ਸੰਪਰਕ ਕਰਨਾ ਚਾਹੀਦਾ ਹੈ।ਇਸ ਮੌਕੇ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਡੇਂਗੂ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲ਼ੀਆਂ, ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਸਰਵੇਖਣ ਟੀਮ ਵਿਚ ਹੈਲਥ ਵਰਕਰ ਲਖਵੀਰ ਭੱਟੀ, ਗੁਰਦੇਵ ਸਿੰਘ, ਆਸ਼ਾ ਵਰਕਰ ਮਨਜੀਤ ਕੌਰ ਅਤੇ ਕਾਂਤਾ ਰਾਣੀ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।