ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਐਸ.ਡੀ.ਐਮਜ਼ ਖਾਣ ਪੀਣ ਦਾ ਸਮਾਨ ਵੇਚਣ ਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਯਕੀਨੀ ਬਣਾਉਣ – ਵਧੀਕ ਡਿਪਟੀ ਕਮਿਸ਼ਨਰ 

— ਮਠਿਆਈ ਦੀਆਂ ਦੁਕਾਨਾਂ ਤੇ ਜਾ ਕੇ ਖਾਸ ਤੌਰ ਤੇ ਵਰਕਸ਼ਾਪਾਂ, ਦੁਕਾਨਾਂ ਦੀ ਸਾਫ ਸਫਾਈ ਅਤੇ ਕੱਚੇ ਮਾਲ ਦੀ ਜਾਂਚ ਜਰੂਰ ਕੀਤੀ ਜਾਵੇ
ਰੂਪਨਗਰ, 1 ਨਵੰਬਰ:
ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਐਸ.ਡੀ.ਐਮਜ਼ ਵੱਲੋਂ ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਅਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਫੂਡ ਸੇਫਟੀ ਕਾਨੂੰਨਾਂ ਦਾ ਪਾਲਣ ਨਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਸਕਣ ਅਤੇ ਆਮ ਲੋਕਾਂ ਨੂੰ ਚੰਗਾ ਖਾਣ ਪੀਣ ਦਾ ਸਮਾਨ ਮੁਹੱਈਆ ਕਰਵਾਇਆ ਜਾ ਸਕੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼ ਅਤੇ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀਆਂ ਦੀ ਫੂਡ ਸੇਫਟੀ ਸੰਬੰਧੀ ਰੱਖੀ ਗਈ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਮਿਲਾਵਟ ਮੁਕਤ ਖਾਣ ਪੀਣ ਦੀਆਂ ਵਸਤਾਂ ਦੀ ਵਿਕਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਠਿਆਈ ਦੀਆਂ ਦੁਕਾਨਾਂ ਤੇ ਜਾ ਕੇ ਖਾਸ ਤੌਰ ਤੇ ਵਰਕਸ਼ਾਪਾਂ (ਜਿੱਥੇ ਸਮਾਨ ਤਿਆਰ ਕੀਤਾ ਜਾਂਦਾ ਹੈ) ਦੀ ਚੈਕਿੰਗ ਜਰੂਰ ਕੀਤੀ ਜਾਵੇ। ਇਸ ਤੋਂ ਇਲਾਵਾ ਦੁਕਾਨਾਂ ਦੀ ਸਾਫ ਸਫਾਈ ਅਤੇ ਕੱਚੇ ਮਾਲ ਆਦਿ ਦੀ ਜਾਂਚ ਵੀ ਕੀਤੀ ਜਾਵੇ ਅਤੇ ਦੁਕਾਨਾਂ ਤੇ ਫੂਡ ਲਾਇਸੈਂਸ ਵੀ ਚੈੱਕ ਕੀਤੇ ਜਾਣ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਆਉਂਦੇ ਸਮੂਹ ਸਕੂਲਾਂ ਵਿੱਚ ਮੀਡ-ਡੇ-ਮੀਲ ਬਣਾਉਣ ਵਾਲੇ ਸਾਰੇ ਕਰਮਚਾਰੀਆਂ ਦਾ ਮੈਡੀਕਲ ਕਰਵਾਇਆ ਜਾਵੇ ਅਤੇ ਸਕੂਲਾਂ ਵਿੱਚ ਬੱਚਿਆਂ ਨੂੰ ਚੰਗਾ ਖਾਣ ਪੀਣ ਅਤੇ ਫੂਡ ਸੇਫਟੀ ਪ੍ਰਤੀ ਜਾਣਕਾਰੀ ਦਿੱਤੀ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਆਹਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਹੋਟਲਾਂ ਅਤੇ ਪੈਲਸਾਂ ਦੀ ਚੈਕਿੰਗ ਵੀ ਜਰੂਰ ਕੀਤੀ ਜਾਵੇ ਤਾਂ ਜੋ ਇਨ੍ਹਾਂ ਪ੍ਰੋਗਰਾਮਾਂ ਵਿੱਚ ਮੁਹੱਈਆਂ ਕਰਵਾਏ ਜਾਂਦੇ ਸਮਾਨ ਦੀ ਚੈਕਿੰਗ ਕੀਤੀ ਜਾ ਸਕੇ।
ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਖਾਣ ਪੀਣ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ  ਸ਼ੁੱਧ ਅਤੇ ਸਾਫ਼-ਸੁਥਰੀਆਂ  ਵਸਤੂਆਂ ਹੀ ਵੇਚਣ ਅਤੇ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਜੇਕਰ ਕਿਸੇ ਨੇ ਤੱਕ ਆਪਣੀ ਫੂਡ ਸੇਫਟੀ ਅਧੀਨ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ। ਉਨ੍ਹਾਂ ਕਿਹਾ ਕਿ ਦੁਕਾਨਦਾਰ ਸ਼ੁੱਧ ਅਤੇ ਮਿਲਾਵਟ ਰਹਿਤ ਮਠਿਆਈਆਂ ਵੇਚਣਾ ਯਕੀਨੀ ਬਣਾਉਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾ ਸਕਦਾ ਹੈ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ।
ਇਸ ਮੀਟਿੰਗ ਵਿੱਚ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਮੋਰਿੰਡਾ ਦੀਪਾਂਕਰ ਗਰਗ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਮਨਦੀਪ ਸਿੰਘ ਢਿੱਲੋਂ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਸਿਹਤ ਅਫਸਰ ਰੂਪਨਗਰ ਡਾ. ਜਗਜੀਤ ਕੌਰ,ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਜਤਿੰਦਰ ਕੌਰ, ਡੀ.ਸੀ.ਓ. ਨਵਦੀਪ ਕੌਰ, ਡੀ.ਐਸ.ਪੀ. ਮਨਵੀਰ ਸਿੰਘ ਬਾਜਵਾ, ਫੂਡ ਸੇਫਟੀ ਅਫ਼ਸਰ ਦਿਨੇਸ਼ਜੋਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਿੰਦਰਪਾਲ ਸਿੰਘ ਕਾਹਲੋਂ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।