ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

Sorry, this news is not available in your requested language. Please see here.

ਦਫਤਰ ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਕੀਤੀ ਕਾਰਵਾਈ।

ਪਠਾਨਕੋਟ, 21 ਜਨਵਰੀ 2025

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਪਰਮਪ੍ਰੀਤ ਸਿੰਘ ਗੋਰਾਇਆ, ਤਹਿਸੀਲਦਾਰ, ਪਠਾਨਕੋਟ ਅਤੇ ਥਾਣਾ ਬਾਰਠ ਸਾਹਿਬ ਅਤੇ ਥਾਣਾ ਤਾਰਾਗੜ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਠਾਨਕੋਟ ਤੋਂ ਬਾਰਠ ਸਾਹਿਬ ਰੋਡ ਉੱਪਰ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਨੇੜੇ ਅਤੇ ਪਿੰਡ ਪਹਾੜੋਚੱਕ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਨੇੜੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਜ਼ਿਲ੍ਹਾ  ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਉਕਤ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 04 ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਪਠਾਨਕੋਟ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ), ਪਠਾਨਕੋਟ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।