ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ

Sorry, this news is not available in your requested language. Please see here.

ਬਰਨਾਲਾ, 1 ਨਵੰਬਰ 2024 

ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਜਾਰੀ ਹੈ, ਜਿਸ ਤਹਿਤ ਦੀਵਾਲੀ ਵਾਲੇ ਦਿਨ ਵੀ ਅਧਿਕਾਰੀ ਖੇਤਾਂ ਵਿੱਚ ਡਟੇ ਰਹੇ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ।
ਇਸ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਲਤੀਫ਼ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਤਪਾ ਰਿਸ਼ਭ ਬਾਂਸਲ, ਐੱਸ ਡੀ ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ, ਸਾਰੇ ਕਲੱਸਟਰ ਅਫ਼ਸਰ, ਸਹਾਇਕ ਕਲੱਸਟਰ ਅਫ਼ਸਰ ਅਤੇ ਵੱਖ ਵੱਖ ਵਿਭਾਗਾਂ ਦੀਆਂ ਪਿੰਡ ਪੱਧਰੀ ਟੀਮਾਂ ਦੀਵਾਲੀ ਮੌਕੇ ਖੇਤਾਂ ਵਿੱਚ ਡਟੀਆਂ ਰਹੀਆਂ।

ਇਸ ਮੌਕੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਖੇਤੀ ਲਈ ਚੰਗੇ ਖੁਰਾਕੀ ਤੱਤ ਸੜ ਜਾਂਦੇ ਹਨ ਅਤੇ ਕੁਦਰਤੀ ਸੋਮਿਆਂ ਦਾ ਨੁਕਸਾਨ ਹੁੰਦਾ ਹੈ। ਇੱਕ ਅਨੁਮਾਨ ਮੁਤਾਬਿਕ ਧਰਤੀ ਵਿੱਚੋਂ ਝੋਨੇ ਦੁਆਰਾ ਲਈ ਗਈ 25 ਪ੍ਰਤੀਸ਼ਤ ਨਾਈਟ੍ਰੋਜਨ ਅਤੇ ਫਾਸਫੋਰਸ, 50 ਪ੍ਰਤੀਸ਼ਤ ਗੰਧਕ ਅਤੇ 75 ਪ੍ਰਤੀਸ਼ਤ ਪੋਟਾਸ਼ ਪਰਾਲੀ ਵਿੱਚ ਹੀ ਰਹਿ ਜਾਂਦੀ ਹੈ। ਦੇਖਿਆ ਗਿਆ ਹੈ ਕਿ 10 ਕੁਇੰਟਲ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ ਤੋਂ ਇਲਾਵਾ 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ੀਅਮ ਅਤੇ 1.2 ਕਿਲੋ ਗੰਧਕ ਦਾ ਨੁਕਸਾਨ ਹੁੰਦਾ ਹੈ। ਅਜਿਹੇ ਤੱਤ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੱਡੀ ਢਾਹ ਲੱਗਦੀ ਹੈ।

ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਈਆਂ ਗੈਸਾਂ ਵਿੱਚ 70% ਕਾਰਬਨ ਡਾਈਆਕਸਾਈਡ, 7% ਕਾਰਬਨ ਮੋਨੋਆਕਸਾਈਡ, 0.66% ਮੀਥੇਨ ਅਤੇ 2.09% ਨਾਇਟ੍ਰਿਕ ਆਕਸਾਈਡ ਵਰਗੀਆਂ ਗੈਸਾਂ ਅਤੇ ਆਰਗੈਨਿਕ ਕੰਪਾਊਂਡਸ ਆਦਿ ਹਨ, ਇਹ ਗੈਸਾਂ ਵਾਤਾਵਰਣ ਦੇ ਬਦਲਾਅ ਦਾ ਕਰਨ ਬਣਦੀਆਂ ਹਨ। ਪਰਾਲੀ ਨੂੰ ਸਾੜਨ ਨਾਲ ਧੂੰਏ ਦਾ ਗੁਬਾਰ ਜਿੱਥੇ ਵਾਤਾਵਰਣ ਨੂੰ ਪਲੀਤ ਕਰਦਾ ਹੈ, ਉੱਥੇ ਵਸੋਂ ਅਤੇ ਪਸ਼ੂਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ।

ਪਰਾਲੀ ਸਾੜਨ ਨਾਲ ਜੋ ਗਰਮੀ ਪੈਦਾ ਹੁੰਦੀ ਹੈ, ਉਸ ਨਾਲ ਮਿੱਟੀ ਵਿਚਲੇ ਲਾਭਦਾਇਕ ਸੂਖਮ ਜੀਵ ਜਿੱਥੇ ਨਸ਼ਟ ਹੋ ਜਾਂਦੇ ਹਨ ਉਥੇ ਹੀ ਭੂਮੀ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਸੜਕਾਂ ਅਤੇ ਖੇਤਾਂ ਦੁਆਲੇ ਲੱਗੇ ਰੁੱਖਾਂ ਦਾ ਨੁਕਸਾਨ ਹੁੰਦਾ ਹੈ ਅਤੇ ਸੜਕ ਹਾਦਸੇ ਵੀ ਵਾਪਰਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਕਿਸਾਨਾਂ ਨੂੰ ਮੁਹਿੰਮ ਵਿੱਚ ਸਹਿਯੋਗ ਦੀ ਅਪੀਲ ਕੀਤੀ।