ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਰਿਹਾਅ ਕਰਨ ਦੀ ਤਰਜ਼ ਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ
ਪਟਿਆਲਾ, 12 ਨਵੰਬਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੇ ਜੋ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਉਸੇ ਤਰਜ ਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਵੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘ ਆਪਣੀਆਂ ਨਿਰਧਾਰਤ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਉਨ੍ਹਾਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਉਨ੍ਹਾਂ ਦੇ ਲੋਕਤੰਤਰਿਕ ਅਧਿਕਾਰਾਂ ਤੇ ਡਾਕਾ ਮਾਰਨ ਵਾਲੀ ਗੱਲ ਹੈ ।
ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਸਿੱਖਾਂ ਵਾਸਤੇ ਆਪਣੇ ਹੀ ਦੇਸ਼ ਵਿੱਚ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਹਨ ਤੇ ਆਪਣੇ ਹੀ ਦੇਸ਼ ਵਿੱਚ ਸਿੱਖਾਂ ਨੂੰ ਬੇਗਾਨਗੀ ਦੇ ਅਹਿਸਾਸ ਕਰਵਾਏ ਜਾ ਰਹੇ ਹਨ ।
ਪ੍ਰੋ. ਬਡੂੰਗਰ ਨੇ ਕਿਹਾ ਕਿ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਰ ਵਾਰ ਪੱਤਰ ਲਿਖ ਕੇ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ, ਪ੍ਰੰਤੂ ਕੇਂਦਰ ਸਰਕਾਰ ਇਸ ਮੁੱਦੇ ਤੇ ਰਤਾ ਭਰ ਵੀ ਗੰਭੀਰ ਨਜ਼ਰ ਨਹੀਂ ਆ ਰਹੀ । ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਸਿੱਖ ਕੌਮ ਨਾਲ ਵਾਅਦਾ ਕੀਤਾ ਸੀ ਕਿ ਬੰਦੀ ਸਿੰਘਾਂ ਦੀ ਉਮਰ ਕੈਦ ਦੀ ਸਜ਼ਾ ਮੁਆਫ ਕੀਤੀ ਜਾਵੇਗੀ ਤੇ ਰਿਹਾਅ ਕੀਤਾ ਜਾਵੇਗਾ, ਜਿਸ ਮਗਰੋਂ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਚਿੱਠੀ ਲਿਖ ਕੇ ਉਹਨਾਂ ਨੂੰ ਫੈਸਲੇ ਦੀ ਜਾਣਕਾਰੀ ਵੀ ਦਿੱਤੀ ਸੀ ਕਿ ਜਿੱਥੇ-ਜਿਥੇ ਬੰਦੀ ਸਿੰਘ ਬੰਦ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਤਿੰਨ ਸਾਲ ਲੰਘਣ ਮਗਰੋਂ ਵੀ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਵਾਅਦੇ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਜੋ ਕਿ ਮੰਦਭਾਗੀ ਗੱਲ ਹੈ । ਉਹਨਾਂ ਕਿਹਾ ਕਿ ਹੁਣ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਨਕਾਰ ਕਰਨ ਦਾ ਕੋਈ ਸੰਵਿਧਾਨਕ ਆਧਾਰ ਵੀ ਨਹੀਂ ਰਹਿ ਜਾਂਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਹੋਣ ਬੰਦੀ ਸਿੰਘਾਂ ਦੀ ਰਿਹਾਈ ਕਰਕੇ ਦੇਸ਼ ਦੇ ਪ੍ਰਧਾਨਮੰਤਰੀ ਸਿੱਖ ਕੌਮ ਨਾਲ ਕੀਤਾ ਆਪਣਾ ਵਾਅਦਾ ਨਿਭਾਵੇ ।

हिंदी






