ਰੋਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ’ਚ ਮੀਲ ਪੱਥਰ ਸਾਬਿਤ ਹੋਵੇਗੀ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ-ਡਾ. ਸ਼ੇਨਾ ਅਗਰਵਾਲ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਨੇ ਨੀਂਹ ਪੱਥਰ ਸਮਾਰੋਹ ’ਚ ਵਰਚੂਅਲ ਤੌਰ ’ਤੇ ਕੀਤੀ ਸ਼ਿਰਕਤ
ਨਵਾਂਸ਼ਹਿਰ, 27 ਅਗਸਤ 2021
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਪਹਿਲੀ ਲਾਅ ਯੂਨੀਵਰਸਿਟੀ ਸਥਾਪਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ, ਤਰਨਤਾਰਨ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਸਿੱਕੇ ਵੀ ਜਾਰੀ ਕੀਤੇ, ਜਿਹੜੇ ਕਿ ਪੰਜਾਬ ਸਰਕਾਰ ਦੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਸਥਿਤ ਫੁੱਲਕਾਰੀ ਸਟੋਰਾਂ ’ਤੇ ਉਪਲਬੱਧ ਹੋਣਗੇ।
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਰੀਬ 50 ਥਾਵਾਂ ਨੂੰ ਨੀਂਹ ਪੱਥਰ ਰੱਖਣ ਸਬੰਧੀ ਵਰਚੂਅਲ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ, ਜਿਥੇ ਸਬੰਧਤ ਇਲਾਕਿਆਂ ਦੇ ਮੋਹਤਬਰਾਂ ਤੋਂ ਇਲਾਵਾ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਹੋਰਨਾਂ ਅਧਿਕਾਰੀਆਂ ਸਮੇਤ ਇਸ ਸਮਾਰੋਹ ਵਿਚ ਵਰਚੂਅਲ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਖੀ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਨ ਵਿਚ ਮੀਲ ਪੱਥਰ ਸਾਬਿਤ ਹੋਵੇਗੀ। ਉਨਾਂ ਦੱਸਿਆ ਕਿ ਮੌਜੂਦਾ ਅਕਾਦਮਿਕ ਸੈਸ਼ਨ 2021-22 ਤੋਂ ਕਾਰਜਸ਼ੀਲ ਹੋਣ ਵਾਲੀ ਇਸ ਯੂਨੀਵਰਸਿਟੀ ਵਿਚ ਲਾਅ ਕੋਰਸਾਂ ਲਈ ਸੂਬਾ ਸਰਕਾਰ ਵੱਲੋਂ ਸੂਬਾ ਪੱਧਰੀ ਕੇਂਦਰੀਕਿ੍ਰਤ ਦਾਖ਼ਲਾ ਪ੍ਰਕਿਰਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਨੂੰ ਅਲਾਟ ਕੀਤੀ ਗਈ ਹੈ ਅਤੇ ਦਾਖ਼ਲਾ ਪ੍ਰਕਿਰਿਆ ਜਾਰੀ ਹੈ। ਉਨਾਂ ਦੱਸਿਆ ਕਿ ਇਸ ਯੂਨੀਵਰਸਿਟੀ ਵਿਚ ਐਲ. ਐਲ. ਬੀ (ਤਿੰਨ ਸਾਲਾ ਕੋਰਸ), ਬੀ. ਏ. ਐਲ. ਐਲ. ਬੀ (ਪੰਜ ਸਾਲਾ ਇੰਟੈਗ੍ਰੇਟਿਡ ਕੋਰਸ), ਬੀ. ਬੀ. ਏ. ਐਲ. ਐਲ ਬੀ (ਪੰਜ ਸਾਲਾ ਇੰਟੈੈਗ੍ਰੇਟਿਡ ਕੋਰਸ) ਅਤੇ ਬੀ. ਕਾਮ ਐਲ. ਐਲ. ਬੀ (ਪੰਜ ਸਾਲਾ ਇੰਟੈਗ੍ਰੇਟਿਡ ਕੋਰਸ) ਕਰਵਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਇਹ ਤੀਜੀ ਸੂਬਾ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਦੋ ਨਵੀਆਂ ਯੂਨੀਵਰਸਿਟੀਆਂ ਸ੍ਰੀ ਗੁਰੂ ਨਾਨਕ ਦੇਵ ਓਪਨ ਸਟੇਟ ਯੂਨੀਵਰਸਿਟੀ ਅਤੇ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਿਤ ਕਰਨ ਤੋਂ ਇਲਾਵਾ 18 ਡਿਗਰੀ ਕਾਲਜ ਵੀ ਸਥਾਪਿਤ ਕੀਤੇ ਗਏ ਹਨ।
ਕੈਪਸ਼ਨ :-ਵਰਚੂਅਲ ਸਮਾਗਮ ਵਿਚ ਸ਼ਿਰਕਤ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਡੀ. ਐਮ ਜਗਦੀਸ਼ ਸਿੰਘ ਜੌਹਲ ਤੇ ਹੋਰ।