ਸਿਵਲ ਸਰਜਨ ਡਾ. ਬਲਵਿੰਦਰ ਕੌਰ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਕੀਤਾ ਗਿਆ ਅਚਨਚੇਤ ਨਿਰੀਖਣ

Sorry, this news is not available in your requested language. Please see here.

ਰੂਪਨਗਰ, 19 ਜੂਨ 2025 
ਸਿਹਤ ਸੇਵਾਵਾਂ ਦੀ ਗੁਣਵੱਤਾ ਤੇ ਤੁਰੰਤ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਅੱਜ ਸਿਵਲ ਹਸਪਤਾਲ ਰੂਪਨਗਰ ਦੇ ਐਮਰਜੈਂਸੀ ਵਾਰਡ ਦਾ ਅਚਾਨਕ ਨਿਰੀਖਣ ਕੀਤਾ। ਉਨ੍ਹਾਂ ਨੇ ਐਮਰਜੈਂਸੀ ਵਾਰਡ ਵਿੱਚ ਮਿਲ ਰਹੀਆਂ ਸੇਵਾਵਾਂ, ਸਫਾਈ ਦੀ ਹਾਲਤ, ਮੌਜੂਦਾ ਦਵਾਈਆਂ, ਮਰੀਜ਼ਾਂ ਦੀ ਸੰਭਾਲ ਅਤੇ ਡਿਊਟੀ ‘ਤੇ ਮੌਜੂਦ ਸਟਾਫ ਦੀ ਹਾਜ਼ਰੀ ਦੀ ਜਾਂਚ ਕੀਤੀ।
ਡਾ. ਬਲਵਿੰਦਰ ਕੌਰ ਨੇ ਵਾਰਡ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਬਾਰੇ ਪੁੱਛਗਿੱਛ ਕਰਕੇ ਮੁਲਾਂਕਣ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਐਮਰਜੈਂਸੀ ਸੇਵਾਵਾਂ ਨੂੰ ਹੋਰ ਵੀ ਬਿਹਤਰ ਤੇ ਅਸਰਦਾਰ ਤਰੀਕੇ ਨਾਲ ਕਿਸ ਤਰ੍ਹਾਂ ਲਾਗੂ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਮੌਕੇ ‘ਤੇ ਹੀ ਮੈਡੀਕਲ ਅਫਸਰਾਂ, ਡਿਊਟੀ ਨਰਸਾਂ ਅਤੇ ਹੋਰ ਸਟਾਫ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਐਮਰਜੈਂਸੀ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਤੁਰੰਤ ਇਲਾਜ ਮਿਲਣਾ ਚਾਹੀਦਾ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਿਵਲ ਸਰਜਨ ਨੇ ਐਮਰਜੈਂਸੀ ਵਿੱਚ ਮੌਜੂਦ ਮੈਡੀਕਲ ਉਪਕਰਨਾਂ, ਸਟਰੈਚਰ, ਆਕਸੀਜਨ ਸਿਲੰਡਰ, ਮੋਨੀਟਰਿੰਗ ਸਿਸਟਮ ਆਦਿ ਦੀ ਵੀ ਜਾਂਚ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਇਹ ਸਭ ਉਪਕਰਨ ਚੰਗੀ ਹਾਲਤ ਵਿੱਚ ਹਨ ਅਤੇ ਜਰੂਰਤ ਪੈਣ ‘ਤੇ ਤੁਰੰਤ ਵਰਤੇ ਜਾ ਸਕਣ।
ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਕਿਸੇ ਵੀ ਹਸਪਤਾਲ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਇਨ੍ਹਾਂ ਦੀ ਲਗਾਤਾਰ ਨਿਗਰਾਨੀ ਤੇ ਸੁਧਾਰ ਜ਼ਰੂਰੀ ਹੈ। ਇਸ ਲਈ ਜ਼ਰੂਰੀ ਹੈ ਕਿ ਸਮੂਹ ਸਟਾਫ ਆਪਣੀ ਡਿਊਟੀ ਪ੍ਰਤੀ ਜ਼ਿੰਮੇਵਾਰ ਰਵਈਆ ਅਪਣਾਏ।
ਸਿਵਲ ਸਰਜਨ ਨੇ ਅੰਤ ਵਿੱਚ ਇਹ ਵੀ ਕਿਹਾ ਕਿ ਹਸਪਤਾਲ ਪ੍ਰਬੰਧਨ ਨੂੰ ਚਾਹੀਦਾ ਹੈ ਕਿ ਐਮਰਜੈਂਸੀ ਵਿੱਚ ਦਿਨ-ਰਾਤ ਹਾਜ਼ਰੀ, ਦਵਾਈਆਂ ਦੀ ਉਪਲਬਧਤਾ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਲਗਾਤਾਰ ਮੌਨੀਟਰ ਕੀਤਾ ਜਾਵੇ। ਇਸ ਤਰ੍ਹਾਂ ਦੀਆਂ ਜਾਂਚਾਂ ਅਗਲੇ ਹਫ਼ਤਿਆਂ ਵਿੱਚ ਹੋਰ ਹਸਪਤਾਲਾਂ ਵਿੱਚ ਵੀ ਕੀਤੀਆਂ ਜਾਣਗੀਆਂ ਤਾਂ ਜੋ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਸਟੈਨੋ ਹਰਜਿੰਦਰ ਸਿੰਘ ਅਤੇ ਐਮਰਜੈਂਸੀ ਵਾਰਡ ਦੇ ਡਾਕਟਰ ਅਤੇ ਪੈਰਾਮੈਡੀਕਲ ਸਟਾਫ ਹਾਜ਼ਰ ਸੀ।