ਜ਼ਿਲੇ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ ਪਾਉਣ ਲਈ ਬਹੁਪੱਖੀ ਰਣਨੀਤੀ ਤਿਆਰ-ਡੀ. ਸੀ

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਚਲਾਈ ਜਾਵੇਗੀ ਵਿਸ਼ਾਲ ਜਾਗਰੂਕਤਾ ਮੁਹਿੰਮ ਆਈ-ਖੇਤ’ ਐਪ ’ਤੇ ਮਸ਼ੀਨਰੀ ਦੀ ਉਪਲਬੱਧਤਾ ਚੈੱਕ ਕਰ ਸਕਦੇ ਹਨ ਕਿਸਾਨ

ਨਵਾਂਸ਼ਹਿਰ, 15 ਸਤੰਬਰ 2021 

ਜ਼ਿਲੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ ਪਾਉਣ ਲਈ ਇਕ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ਇਸ ਰਣਨੀਤੀ ਤਹਿਤ ਜ਼ਿਲੇ ਵਿਚ ਪਿੰਡ ਪੱਧਰ ’ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਸੇ ਤਰਾਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਉਨਾਂ ਨੂੰ ਪਰਾਲੀ ਸਾੜਨ ਨਾਲ ਮਨੁੱਖੀ ਜ਼ਿੰਦਗੀ, ਵਾਤਾਵਰਨ ਅਤੇ ਜ਼ਮੀਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਮੀਡੀਆ ਅਤੇ ਸੰਚਾਰ ਦੇ ਵੱਖ-ਵੱਖ ਸਾਧਨਾਂ ਤੋਂ ਇਲਾਵਾ ਫਲੈਕਸਾਂ, ਬੈਨਰਾਂ ਅਤੇ ਹੋਰ ਪ੍ਰਚਾਰ ਸਮੱਗਰੀ ਰਾਹੀਂ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਜਾਗਰੂਕ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ‘ਆਈ-ਖੇਤ’ ਮੋਬਾਈਲ ਐਪ ਨੂੰ ਇਨਕਲਾਬੀ ਕਦਮ ਕਰਾਰ ਦਿੰਦਿਆਂ ਦੱਸਿਆ ਕਿ ਇਸ ਐਪ ਰਾਹੀਂ ਕਿਸਾਨ ਬਲਾਕ ਪੱਧਰ ’ਤੇ ਮਸ਼ੀਨਰੀ ਦੀ ਉਪਲਬੱਧਤਾ ਚੈੱਕ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਮੌਜੂਦਗੀ, ਉਸ ਤੋਂ ਦੂਰੀ ਅਤੇ ਕਿਸ ਸਮੇਂ ਇਹ ਮਸ਼ੀਨਰੀ ਮਿਲ ਸਕਦੀ ਹੈ, ਆਦਿ ਬਾਰੇ ਨਾਲੋ-ਨਾਲੋ ਜਾਣਕਾਰੀ ਮਿਲਦੀ ਹੈ। ਉਨਾਂ ਕਿਹਾ ਕਿ ਇਸ ਮਸ਼ੀਨਰੀ ਵਿਚ ਸੁਪਰ ਸੀਡਰ, ਮਲਚਰ, ਆਰ. ਐਮ. ਬੀ ਪਲੋਅ, ਹੈਪੀ ਸੀਡਰ, ਸੁਪਰ ਐਸ. ਐਮ. ਐਸ ਅਤੇ ਹੋਰ ਮਸ਼ੀਨਾਂ ਸ਼ਾਮਲ ਹਨ।
ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਲਈ ਇਕ ਵਿਆਪਕ ਯੋਜਨਾ ਪਹਿਲਾਂ ਤੋਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਰਿਮੋਟ ਸੈਂਸਿੰਗ ਸੈਟੇਲਾਈਟ ਰਾਹੀਂ ਸਖ਼ਤ ਚੌਕਸੀ ਵੀ ਰੱਖੀ ਜਾ ਰਹੀ ਹੈ ਤਾਂ ਜੋ ਅਜਿਹਾ ਕਰਨ ਵਾਲਾ ਕੋਈ ਵੀ ਵਿਅਕਤੀ ਕਾਰਵਾਈ ਤੋਂ ਬਚ ਨਾ ਸਕੇ। ਉਨਾਂ ਕਿਹਾ ਕਿ ਸਮੁੱਚੀਆਂ ਕੰਬਾਈਨਾਂ ’ਤੇ ਸੁਪਰ ਐਸ. ਐਮ. ਐਸ ਲੱਗਿਆ ਹੋਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੇ ਹਰੇਕ ਮਾਮਲੇ ਵਿਚ ਫਿਜ਼ੀਕਲ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਹਰੇਕ ਕਿਸਾਨ ਕੋਲ ਲੋੜ ਵੇਲੇ ਪਰਾਲੀ ਦੀ ਸਾਂਭ-ਸੰਭਾਲ ਵਾਲੇ ਸੰਦ ਪਹੁੰਚਾਏ ਜਾਣੇ ਯਕੀਨੀ ਬਣਾਏ ਜਾਣ। ਉਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਲਈ ਪ੍ਰੇਰਿਤ ਕੀਤਾ ਜਾਵੇ, ਕਿਉਂਕਿ ਇਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਕਿਸਾਨਾਂ ਦਾ ਖ਼ਰਚਾ ਵੀ ਘੱਟ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਇਸ ਤੋਂ ਇਲਾਵਾ ਪਾਣੀ ਦੀ ਬੱਚਤ ਤੋਂ ਇਲਾਵਾ ਖਾਦਾਂ ’ਤੇ ਆਉਣ ਵਾਲਾ ਖ਼ਰਚਾ ਵੀ ਬਚਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਕੁਮਾਰ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਏ. ਆਰ ਗੁਰਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਫੋਟੋ :-ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਤੇ ਹੋਰ।