ਡਿਪਟੀ ਕਮਿਸ਼ਨਰ ਵੱਲੋਂ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ ਨਵੰਬਰ ਦੇ ਪਹਿਲੇ ਹਫ਼ਤੇ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ ਨਵੰਬਰ ਦੇ ਪਹਿਲੇ ਹਫ਼ਤੇ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ

—ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਬੰਦੀ, ਮੁਸਾਵੀਆਂ ਦੀ ਡਿਜੀਟਾਈਜ਼ੇਸ਼ਨ, ਹੜਾਂ ਤੋਂ ਸੁਰੱਖਿਆ ਸਬੰਧੀ ਕਾਰਜਾਂ ਦਾ ਵੀ ਲਿਆ ਜਾਇਜ਼ਾ

ਜਲੰਧਰ, 18 ਅਕਤੂਬਰ:

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ।

ਸਥਾਨਕ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਕਾਇਆ ਇੰਤਕਾਲਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਤਹਿਸੀਲ ਤੇ ਸਬ ਤਹਿਸੀਲ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜਿਨ੍ਹਾਂ ਲੋਕਾਂ ਦੇ ਜਾਇਦਾਦਾਂ ਦੀ ਰਜਿਸਟਰੀ ਉਪਰੰਤ ਇੰਤਕਾਲ ਪੈਂਡਿੰਗ ਹਨ, ਉਨ੍ਹਾਂ ਦੀਆਂ ਪ੍ਰਾਪਰਟੀਆਂ ਦੇ ਇੰਤਕਾਲ ਸਬੰਧੀ ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾ ਸਕੇ।

ਸਟੈਂਪ ਡਿਊਟੀ ਰਿਕਵਰੀ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਰਿਕਵਰੀਆਂ ਪਹਿਲ ਦੇ ਆਧਾਰ ’ਤੇ ਕੀਤੀਆਂ ਜਾਣ। ਕੋਰਟ ਕੇਸਾਂ ਖਾਸ ਕਰ ਤਕਸੀਮ ਦੇ ਕੇਸਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਵੱਧ ਸਮੇਂ ਤੋਂ ਪੈਂਡਿੰਗ ਕੇਸਾਂ ਨੂੰ ਵਿਸ਼ੇਸ਼ ਤਵਜੋਂ ਦਿੰਦਿਆਂ ਇਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਬੰਦੀ, ਮੁਸਾਵੀਆਂ ਦੀ ਡਿਜੀਟਾਈਜ਼ੇਸ਼ਨ, ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਾਨਗੀ ਤਕਸੀਮ (ਜ਼ਮੀਨ-ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਲਈ ਪੰਜਾਬ ਸਰਕਾਰ ਵੱਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਸਬੰਧੀ ਲੋਕਾਂ ਨੂੰ ਆਨਲਾਈਨ ਭਰੇ ਜਾਣ ਵਾਲੇ ਵੇਰਵਿਆਂ ਅਤੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਸਮੂਹ ਐਸ.ਡੀ.ਐਮ. ਜੈ ਇੰਦਰ ਸਿੰਘ, ਬਲਬੀਰ ਰਾਜ ਸਿੰਘ, ਰਨਦੀਪ ਸਿੰਘ ਹੀਰ ਤੇ ਅਮਨਪਾਲ ਸਿੰਘ ਅਤੇ ਮਾਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ।