— ਰੂਪਨਗਰ ਪੁਲਿਸ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਹਾਫ ਮੈਰਾਥਨ ਦਾ ਕੀਤਾ ਆਯੋਜਨ
ਰੂਪਨਗਰ, 20 ਅਕਤੂਬਰ:
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਅਕਤੂਬਰ ਮਹੀਨੇ ਦੌਰਾਨ ਚੱਲਣ ਵਾਲੀ ਮੁਹਿੰਮ ਸਿਰਫ ਮਹੀਨਾ ਭਰ ਤੱਕ ਹੀ ਸੀਮਿਤ ਨਹੀਂ ਰਹੇਗੀ, ਸਗੋਂ ਇਸਨੂੰ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰੱਖਿਆ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਅਤਿ ਜ਼ਰੂਰੀ ਹੈ ਕਿਉੰਕਿ ਨਸ਼ਾ ਗ੍ਰਸਤ ਲੋਕਾਂ ਨੂੰ ਜਾਗਰੂਕਤਾ ਰਾਹੀਂ ਹੀ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡੀਐਸਪੀ ਰੂਪਨਗਰ ਸ. ਤਰਲੋਚਨ ਸਿੰਘ ਨੇ ਸੂਬੇ ਵਿਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਆਯੋਜਿਤ ਕੀਤੀ ਹਾਫ ਮੈਰਾਥਨ ਨੂੰ ਹਰੀ ਝੰਡੀ ਦੇਣ ਸਮੇਂ ਕੀਤਾ।
ਡੀਐਸਪੀ ਸ. ਤਰਲੋਚਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਉਤੇ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਅੰਤਰਗਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜ਼ਿਲ੍ਹਾ ਰੂਪਨਗਰ ਵਿੱਚ 1 ਅਕਤੂਬਰ ਤੋਂ 31 ਅਕਤੂਬਰ 2023 ਤੱਕ ਇਹ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਰ ਇੱਕ ਉਮਰ ਵਰਗ ਦੇ ਲੋਕਾਂ ਨੂੰ ਆਪਣੇ ਸਰੀਰ ਨੂੰ ਨਸ਼ੇ ਵਰਗੀਆਂ ਅਲਾਮਤਾਂ ਤੋਂ ਕੋਹਾਂ ਦੂਰ ਰੱਖਕੇ ਖੇਡਾਂ ਤੇ ਖੇਡ ਮੈਦਾਨ ਨਾਲ ਜੋੜਨਾ ਚਾਹੀਦਾ ਹੈ ਤਾਂ ਕਿ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵੀ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਨਸ਼ਾ ਕਰਨ ਵਾਲੇ ਦੀ ਵੇਚਣ ਵਾਲੇ ਦੀ ਜਾਣਕਾਰੀ ਪੰਜਾਬ ਪੁਲੀਸ ਜਾ 112 ਨੰਬਰ ਤੇ ਸੰਪਰਕ ਕਰਕੇ ਜ਼ਰੂਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।
ਇਸ ਮੈਰਾਥਨ ਨੂੰ ਸਫ਼ਲ ਬਣਾਉਣ ਲਈ ਰੂਪਨਗਰ ਰਨਰਜ਼ ਤੇ ਸਾਈਕਲਿੰਗ ਐਸੋਸੀਏਸ਼ਨ ਅਤੇ ਜ਼ਿਲ੍ਹਾ ਯੂਥ ਤਾਲਮੇਲ ਕਮੇਟੀ ਨੇ ਵੀ ਆਪਣਾ ਯੋਗਦਾਨ ਪਾਇਆ। ਮੈਰਾਥਨ ਦੇ ਮੁਕੰਮਲ ਹੋਣ ਤੋਂ ਬਾਅਦ ਰਿਫਰਸ਼ਮੇਂਟ ਦਾ ਵੀ ਪ੍ਰਬੰਧ ਵੀ ਕੀਤਾ ਗਿਆ।
ਇਸ ਮੌਕੇ ਇੰਸਪੈਕਟਰ ਰਣਜੀਤ ਸਿੰਘ, ਇੰਸਪੈਕਟਰ ਹਰਪ੍ਰੀਤ ਸਿੰਘ, ਰਿਟਾਇਰਡ ਏਪੀਆਰਓ ਰਜਿੰਦਰ ਸੈਣੀ, ਯਸ਼ਵੰਤ ਬਸੀ, ਸ਼ਿਵ ਕੁਮਾਰ, ਜਗਦੀਪ ਸਿੰਘ ਆਦਿ ਹਾਜ਼ਰ ਸਨ।

English






