ਬੂਥਗੜ੍ਹ ਦਾ ਸਰਕਾਰੀ ਹਸਪਤਾਲ ਸਾਰੇ ਜ਼ਿਲ੍ਹੇ ’ਚੋਂ ਅੱਵਲ

ਸਵੱਛ ਭਾਰਤ’ ਮੁਹਿੰਮ:
ਐਸ.ਐਮ.ਓ. ਡਾ. ਜਸਕਿਰਨਦੀਪ ਕੌਰ ਵਲੋਂ ਸਮੁੱਚੇ ਸਟਾਫ਼ ਦੀ ਸ਼ਲਾਘਾ
ਐਸ ਏ ਐਸ ਨਗਰ/ ਬੂਥਗੜ੍ਹ, 27 ਮਈ 2021
‘ਸਵੱਛ ਭਾਰਤ’ ਮੁਹਿੰਮ ਤਹਿਤ ਚੱਲ ਰਹੇ ਕਾਇਆਕਲਪ ਪ੍ਰੋਗਰਾਮ ਅਧੀਨ ਵੱਕਾਰੀ ਰੁਤਬਾ ਹਾਸਲ ਕਰਦਿਆਂ ਮੁਢਲਾ ਸਿਹਤ ਕੇਂਦਰ ਬੂਥਗੜ੍ਹ ਨੇ ਜ਼ਿਲ੍ਹਾ ਐਸ.ਏ.ਐਸ ਨਗਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਅਤੇ ਕਾਇਆਕਲਪ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਅਰੁਣ ਬਾਂਸਲ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਮੁੱਚੇ ਸਟਾਫ਼ ਲਈ ਇਹ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਪੀ.ਐਚ.ਸੀ. ਬੂਥਗੜ੍ਹ ਨੂੰ ਪੀ.ਐਚ.ਸੀ. ਸ਼੍ਰੇਣੀ ਵਿਚ ਸਾਰੇ ਜ਼ਿਲ੍ਹੇ ਵਿਚੋਂ ਪਹਿਲਾ ਅਤੇ ਪੰਜਾਬ ਭਰ ਵਿਚੋਂ ਅੱਠਵਾਂ ਸਥਾਨ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਨੇ ਪਹਿਲਾਂ ਵੀ ਕਈ ਵਾਰ ਅੱਵਲ ਸਥਾਨ ਹਾਸਲ ਕੀਤੇ ਹਨ। ਉਨ੍ਹਾਂ ਦਸਿਆ ਕਿ ਕਾਇਆਕਲਪ ਪ੍ਰੋਗਰਾਮ ਅਧੀਨ ਹਰ ਸਾਲ ਸਿਹਤ ਸੰਸਥਾਵਾਂ ਨੂੰ ਕਈ ਪੈਮਾਨਿਆਂ ’ਤੇ ਪਰਖਿਆ ਜਾਂਦਾ ਹੈ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸਾਫ਼-ਸਫ਼ਾਈ, ਮਰੀਜ਼ਾਂ ਦੇ ਬੈਠਣ ਲਈ ਪ੍ਰਬੰਧ, ਸਜਾਵਟ, ਸਟਾਫ਼ ਦੀ ਡਰੈਸ, ਪੀਣ ਵਾਲਾ ਪਾਣੀ, ਪਾਰਕ, ਮਰੀਜ਼ਾਂ ਲਈ ਡਾਕਟਰੀ ਸਹੂਲਤਾਂ, ਹਸਪਤਾਲ ਦਾ ਸਮੁੱਚਾ ਵਾਤਾਵਰਣ ਆਦਿ ਸ਼ਾਮਲ ਹੁੰਦੇ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਪੈਮਾਨਿਆਂ ’ਤੇ ਮੁਢਲਾ ਸਿਹਤ ਕੇਂਦਰਾਂ ਦੀ ਸ਼੍ਰੇਣੀ ਵਿਚ ਪੀ.ਐਚ.ਸੀ. ਬੂਥਗੜ੍ਹ ਨੇ 81 ਫ਼ੀਸਦੀ ਅੰਕ ਹਾਸਲ ਕੀਤੇ ਹਨ। ਐਸ.ਐਮ.ਓ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਸਮੁੱਚੇ ਸਟਾਫ਼ ਨੂੰ ਜਾਂਦਾ ਹੈ ਜਿਸ ਨੇ ਪਿਛਲੇ ਸਾਲ ਕੋਵਿਡ ਮਹਾਂਮਾਰੀ ਦੌਰਾਨ ਵੀ ਹਸਪਤਾਲ ਨੂੰ ਹਰ ਪੱਖੋਂ ਬਿਹਤਰ ਬਣਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਹਸਪਤਾਲ ਨੂੰ ਹਰ ਪੱਖੋਂ ਹੋਰ ਵਧੀਆ ਬਣਾਇਆ ਜਾਵੇ ਤਾਕਿ ਇਥੇ ਆਉਣ ਵਾਲੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।   ਨੋਡਲ ਅਫ਼ਸਰ ਡਾ. ਅਰੁਣ ਬਾਂਸਲ ਨੇ ਹਸਪਤਾਲ ਨੂੰ ਅਹਿਮ ਰੁਤਬਾ ਦਿਵਾਉਣ ’ਚ ਭੂਮਿਕਾ ਨਿਭਾਉਣ ਅਤੇ ਸਹਿਯੋਗ ਦੇਣ ਵਾਲੇ ਸਮੁੱਚੇ ਸਟਾਫ਼ ਦਾ ਧਨਵਾਦ ਕੀਤਾ ਅਤੇ ਅੱਗੇ ਤੋਂ ਵੀ ਸਹਿਯੋਗ ਮਿਲਣ ਦੀ ਉਮੀਦ ਪ੍ਰਗਟਾਈ। ਇਸ ਮੌਕੇ ਡਾ. ਹਰਮਨ, ਡਾ. ਸਿਮਨਪ੍ਰੀਤ ਕੌਰ ਢਿੱਲੋਂ, ਡਾ. ਵਿਕਾਸ, ਡਾ. ਸੁਬਿਨ, ਹੈਲਥ ਇੰਸਪੈਕਟਰ ਸਵਰਨ ਸਿੰਘ, ਬੀ.ਐਸ.ਏ. ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।