ਲੜਕੀਆਂ ਦੇ ਹੁਨਰ ਵਿੱਚ ਵਾਧਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਮੁਫਤ ਸਾਫਟ ਸਕਿੱਲ ਟ੍ਰੇਨਿੰਗ ਪ੍ਰਦਾਨ ਕੀਤੀ

— ਟ੍ਰੇਨਿੰਗ ਪੂਰੀ ਹੋਣ ਉਪਰੰਤ ਡਿਪਟੀ ਡਾਇਰੈਕਟਰ ਰੋਜ਼ਗਾਰ ਵਿਭਾਗ ਨੇ ਵੰਡੇ ਸਰਟੀਫਿਕੇਟ

ਰੂਪਨਗਰ, 18 ਦਸੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਨਾਲ-ਨਾਲ ਹੁਨਰ ਸਿਖਲਾਈ ਲਈ ਵੀ ਵੱਖੋਂ-ਵੱਖਰੇ ਯਤਨ ਕੀਤੇ ਜਾ ਰਹੇ ਹਨ। ਇਸੇ ਮੰਤਵ ਨੂੰ ਮੁੱਖ ਰੱਖਦਿਆਂ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲੜਕੀਆਂ ਨੂੰ ਦੋ ਹਫਤਿਆਂ ਦੀ ਮੁਫਤ ਸਾਫਟ ਸਕਿੱਲ ਟ੍ਰੇਨਿੰਗ ਪ੍ਰਦਾਨ ਕੀਤੀ ਗਈ ਜਿਸ ਦੇ ਪੂਰੀ ਹੋਣ ਉਪਰੰਤ ਅੱਜ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਡਾਇਰੈਕਟਰ ਰੋਜ਼ਗਾਰ ਵਿਭਾਗ ਸ਼੍ਰੀਮਤੀ ਪਰਮਿੰਦਰ ਕੌਰ ਵੱਲੋਂ ਸਰਟੀਫਿਕੇਟ ਵੰਡੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਵਿਭਾਗ ਸ਼੍ਰੀਮਤੀ ਪਰਮਿੰਦਰ ਕੌਰ ਨੇ ਕਿਹਾ ਕਿ ਇੰਟਰਵਿਊ ਦੌਰਾਨ ਕਾਫੀ ਉਮੀਦਵਾਰ ਘਬਰਾ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੀ ਚੋਣ ਨੌਕਰੀ ਲਈ ਨਹੀਂ ਹੋ ਪਾਉਂਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵਿੱਚ ਕਾਫੀ ਵਾਰ ਆਤਮ ਵਿਸ਼ਵਾਸ ਦੀ ਵੀ ਕਮੀ ਦੇਖੀ ਜਾਂਦੀ ਹੈ, ਜਿਸ ਕਾਰਨ ਉਹ ਇੰਟਰਵਿਊਸ ਦਾ ਸਾਹਮਣਾ ਨਹੀਂ ਕਰ ਪਾਉਂਦੇ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਨਾਲ ਲੜਕੀਆਂ ਵਿੱਚ ਆਤਮ-ਵਿਸ਼ਵਾਸ ਵਧੇਗਾ ਅਤੇ ਨੌਕਰੀ ਲੈਣ ਲਈ ਵੀ ਇਹ ਸਹਾਇਕ ਹੋਵੇਗਾ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਹ ਟ੍ਰੇਨਿੰਗ ਮਹਿੰਦਰਾ ਪਰਾਈਡ ਨੰਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਲੜਕੀਆਂ ਨੂੰ ਸਪੋਕਨ ਇੰਗਲਿਸ਼, ਇੰਟਰਵਿਊ ਪ੍ਰੈਪਰੇਸ਼ਨ, ਸਾਫਟ ਸਕਿੱਲਸ, ਕੰਮਊਨੀਕੇਸ਼ਨ ਸਕਿੱਲਸ, ਬਾਡੀ ਲੈਂਗੂਏਜ਼, ਸੀ.ਵੀ. ਰਾਈਟਿੰਗ, ਈ-ਮੇਲ ਭੇਜਣ ਦੇ ਤਰੀਕੇ ਆਦਿ ਸਿਖਾਏ ਗਏ।

ਸ਼੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਲੜਕੀਆਂ ਵੱਲੋਂ ਪ੍ਰਾਪਤ ਕੀਤਾ ਹੁਨਰ ਉਨ੍ਹਾਂ ਨੂੰ ਨੌਕਰੀ ਦਿਵਾਉਣ ਲਈ ਅਤੇ ਉਨ੍ਹਾਂ ਦੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਬਹੁਤ ਹੀ ਲਾਭਦਾਇਕ ਹੋਵੇਗਾ।

ਪਲੇਸਮੈਂਟ ਅਫਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ਸਿਰ ਕੀਤੇ ਜਾਂਦੇ ਇਹੋ ਜਿਹੇ ਹੋਰ ਵੀ ਉਪਰਾਲਿਆਂ ਦਾ ਲਾਭ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜ਼ਵਾਨ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰ ਵਿਖੇ ਪਹੁੰਚ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।

E