ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਹੋਵੇਗੀ ਮੀਟਿੰਗ
ਬਰਨਾਲਾ,13 ਸਤੰਬਰ :
ਸੂਬੇ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਕੋਰੋਨਾ ਮਹਾਂਮਾਰੀ ਦੀਆਂ ਪਾਬੰਦੀਆਂ ਬਦੌਲਤ ਸਕੂਲਾਂ ਦੀ ਤਾਲਾਬੰਦੀ ਦੌਰਾਨ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਕਾਰਗਰ ਤਰੀਕੇ ਨਾਲ ਜਾਰੀ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਕੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਆਨਲਾਈਨ ਮੀਟਿੰਗਾਂ ਕਰਨ ਦਾ ਸਿਲਸਿਲਾ 14 ਤੋਂ 19 ਸਤੰਬਰ 2020 ਤੱਕ ਹਫ਼ਤਾ ਭਰ ਜਾਰੀ ਰਹੇਗਾ। ਮੀਟਿੰਗ ਵਿੱਚ ਸਕੂਲ ਮੁਖੀ ਅਤੇ ਅਧਿਆਪਕ ਵਿਦਿਆਰਥੀਆਂ ਨੂੰ ਟੈਲੀਵੀਜ਼ਨ ਅਤੇ ਸੋਸ਼ਲ ਮੀਡੀਆ ਦੇ ਵੱਖ- ਵੱਖ ਸਾਧਨਾਂ ਜਰੀਏ ਪ੍ਰਦਾਨ ਕੀਤੀ ਜਾ ਰਹੀ ਆਨਲਾਈਨ ਪੜ੍ਹਾਈ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਂਦਿਆਂ ਬੱਚਿਆਂ ਵੱਲੋਂ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਨਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਅਧਿਆਪਕ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਅਧੀਨ ਕਰਵਾਏ ਜਾ ਰਹੇ ਮੁਲਾਂਕਣ ਦੀ ਮਹੱਤਤਾ ਤੋਂ ਵੀ ਮਾਪਿਆਂ ਨੂੰ ਜਾਣੂ ਕਰਵਾਉਣਗੇ। ਵਿਭਾਗ ਵੱਲੋਂ ਆਨਲਾਈਨ ਪੜ੍ਹਾਈ ਲਈ ਚਲਾਈ ਜਾ ਰਹੀ ਪੰਜਾਬ ਐਜੂਕੇਅਰ ਐਪ ਬਾਰੇ ਦੱਸਣ ਤੋਂ ਇਲਾਵਾ ਮਾਪਿਆਂ ਨੂੰ ਵਿਭਾਗ ਵੱਲੋਂ ਲਏ ਜਾ ਰਹੇ ਆਨਲਾਈਨ ਟੈਸਟਾਂ ਅਤੇ ਪੈਸ ਮੁਲਾਂਕਣ ਦੌਰਾਨ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਤੋਂ ਵੀ ਜਾਣੂ ਕਰਵਾਇਆ ਜਾਵੇਗਾ। ਵਿਭਾਗ ਵੱਲੋਂ ਲਾਕਡਾਊਨ ਦੌਰਾਨ ਵੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਪੁਸਤਕਾਂ,ਮਿਡ-ਡੇ-ਮੀਲ ਦੇ ਰਾਸ਼ਨ ਅਤੇ ਰਾਸ਼ੀ ਬਾਰੇ ਵੀ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬੇਹਤਰ ਬਣਾਉਣ ਲਈ ਮਾਪਿਆਂ ਦੇ ਸੁਝਾਅ ਵੀ ਲਏ ਜਾਣਗੇ।
ਵਿਭਾਗ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸ਼੍ਰੀ ਬਿੰਦਰ ਸਿੰਘ ਨੇ ਪ੍ਰੈਸ ਮੁਲਾਂਕਣ ਦੌਰਾਨ ਦੱਸਿਆ ਕਿ ਮੀਟਿੰਗਾਂ ਦਾ ਮਨੋਰਥ ਕੋਰੋਨਾ ਮਹਾਂਮਾਰੀ ਕਾਰਨ ਸਕੂਲਾਂ ਦੀ ਤਾਲਾਬੰਦੀ ਦੌਰਾਨ ਵੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਵੀ ਪ੍ਰਭਾਵੀ ਤਰੀਕੇ ਨਾਲ ਜਾਰੀ ਰੱਖਣਾ ਅਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸੰਬੰਧੀ ਸਰਕਾਰ ਵੱਲੋਂ ਸਮੇਂ-ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਖੁਦ ਦੀ, ਪਰਿਵਾਰ ਦੀ ਅਤੇ ਸਮੁੱਚੇ ਸਮਾਜ ਦੀ ਸਿਹਤ ਦਾ ਖਿਆਲ ਰੱਖਣ ਲਈ ਪ੍ਰੇਰਿਤ ਕਰਨਾ ਹੈ।

हिंदी






