ਡਿਊਟੀ ‘ਚ ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 26 ਜੂਨ 2025
ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ‘ਤੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੁਣਵੱਤਾ ਕੰਟਰੋਲ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਵਾਲੇ ਸੱਤ ਮੁੱਖ ਖੇਤੀਬਾੜੀ ਅਫਸਰਾਂ(ਸੀ.ਏ.ਓ.) ਨੂੰ ਕਾਰਨ ਦੱਸੋ ਨੋਟਿਸ (ਐਸ.ਸੀ.ਐਨਜ਼) ਜਾਰੀ ਕੀਤੇ ਹਨ।
ਦੱਸਣਯੋਗ ਹੈ ਕਿ ਇਹ ਕਾਰਵਾਈ ਖੇਤੀਬਾੜੀ ਮੰਤਰੀ ਵੱਲੋਂ ਜਵਾਬਦੇਹੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਰਹਿਣ ਵਾਲੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਪੂਰਥਲਾ, ਬਰਨਾਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਤਰਨ ਤਾਰਨ, ਸੰਗਰੂਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਹੀਂ ਤਾਂ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਡਿਊਟੀ ਵਿੱਚ ਕੁਤਾਹੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਸਜ਼ਾ ਮਿਲੇਗੀ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

English






