ਕਮਿਸ਼ਨਰ ਪਟਿਆਲਾ ਡਵੀਜ਼ਨ ਨੇ ਕੀਤੀ ਜ਼ਿਲੇ ਦੇ ਅਧਿਕਾਰੀਆਂ ਨਾਲ ਮੀਟਿੰਗ

barnala administrator

–ਸਿਹਤ ਵਿਭਾਗ ਨਾਲ ਕੋਵਿਡ-19 ਸਬੰਧੀ ਕੀਤੀ ਜਾਣਕਾਰੀ ਸਾਂਝੀ

–ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸੰਭਾਲ ਲਈ ਦਿੱਤੀ ਜਾਵੇ ਤਰਜੀਹ

–ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸਾਸ਼ਨ ਬਰਨਾਲਾ ਵੱਲੋ ਮੋਗਾ ਬਾਈ ਪਾਸ ਤੇ ਲਗਾਏ ਜਾਣ ਵਾਲੇ ਮਿਨੀ ਜੰਗਲ ਦਾ ਕੀਤਾ ਦੌਰਾ

ਬਰਨਾਲਾ, 7 ਸਤੰਬਰ:

ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ਼੍ਰੀ ਚੰਦਰ ਗੈਂਦ ਵੱਲੋਂ ਜ਼ਿਲੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲਾ ਪ੍ਰਸਾਸ਼ਨ ਵੱਲੋਂ ਮੀਟਿੰਗ ਦੌਰਾਨ ਜ਼ਿਲੇ ਵਿੱਚ ਚੱਲ ਰਹੇ ਈ-ਆਫ਼ਿਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਮੀਟਿੰਗ ਦੌਰਾਨ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਤੋਂ ਕੋਵਿਡ-19 ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲੇ ਭਰ ਵਿੱਚ ਕੋਵਿਡ-19 ਤੋਂ ਸਾਵਧਾਨ ਰਹਿਣ, ਇਸ ਦੇ ਫੈਲਾਅ ਦੀ ਰੋਕਥਾਮ ਤੋਂ ਸਾਵਧਾਨੀਆਂ ਬਾਰੇ, ਸੈਂਪਲਿੰਗ/ਟੈਸਟਿੰਗ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਵਿਡ-19 ਤੋਂ ਬਚਾਅ ਸਬੰਧੀ ਹੋਰ ਵੀ ਤੇਜ਼ੀ ਨਾਲ ਕੰਮ ਕਰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਇਸ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇ। ਸਾਨੂੰ ਸਾਰਿਆਂ ਨੂੰ ਕੋਵਿਡ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਤਾਂ ਕਿ ਇਸ ਭਿਆਨਕ ਮਹਾਂਮਾਰੀ ਤੋਂ ਨਿਜਾਤ ਪਾਈ ਜਾ ਸਕੇ।

ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਰੋਕਣ ਲਈ ਜਲ ਸ਼ਕਤੀ ਅਭਿਆਨ ਤਹਿਤ ਵੀ ਕਮਿਸ਼ਨਰ ਵੱਲੋਂ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ। ਜਿਸ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਦੱਸਿਆ ਗਿਆ ਕਿ ਜ਼ਿਲੇ ਭਰ ਵਿੱਚ ਪਾਣੀ ਦੀ ਸੰਭਾਲ ਲਈ ਸੀਚੇਵਾਲ ਮਾਡਲ ਤਹਿਤ 15 ਪ੍ਰਜੈਕਟ ਬਣਾਏ ਜਾ ਰਹੇ ਹਨ, ਜਿਨਾਂ ਵਿੱਚੋਂ 6 ਤਿਆਰ ਹੋ ਚੁੱਕੇ ਹਨ ਅਤੇ ਬਾਕੀ ਵੀ ਜਲਦ ਹੀ ਮੁਕੰਮਲ ਕਰਵਾਏ ਜਾਣਗੇ। ਕਮਿਸ਼ਨਰ ਵੱਲੋਂ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਅਧਿਕਾਰੀਆਂ ਨੂੰ ਪਾਣੀ ਦੀ ਬੱਚਤ ਕਰਨ ਲਈ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲੇ ਭਰ ਦੀਆਂ ਸਰਕਾਰੀ ਇਮਾਰਤਾਂ ਦੀਆਂ ਛੱਤਾਂ ਆਦਿ ਤੋਂ ਬਰਸਾਤੀ ਪਾਣੀ ਦੀ ਸੰਭਾਲ ਲਈ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਇਸ ਪਾਣੀ ਦੀ ਦੁਬਾਰਾ ਵਰਤੋਂ ਕੀਤੀ ਜਾ ਸਕੇ ਅਤੇ ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਨੂੰ ਬਚਾਇਆ ਜਾ ਸਕੇ।

ਖੇਤੀਬਾੜੀ ਵਿਭਾਗ ਵੱਲੋਂ ਜ਼ਿਲੇ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਧਰਤੀ ਵਿੱਚ ਹੀ ਦਬਾਉਣ, ਪਰਾਲੀ ਸਾੜਨ ਤੋਂ ਪ੍ਰਹੇਜ਼ ਕਰਨ, ਖੇਤੀਬਾੜੀ ਦੇ ਸੰਦਾਂ ਆਦਿ ‘ਤੇ ਦਿੱਤੀ ਜਾਣ ਵਾਲੀ ਸਬਸਿਡੀ, ਕਿਸਾਨਾਂ ਵੱਲੋਂ ਜ਼ਿਲੇ ਭਰ ਵਿੱਚ ਝੋਨੇ ਦੀ ਕੀਤੀ ਗਈ ਸਿੱਧੀ ਬਿਜਾਈ, ਕਪਾਹ ਦੇ ਨਰਮੇ ਹੇਠ ਰਕਬੇ, ਕਿਸਾਨਾਂ ਵੱਲੋਂ ਕੀਤੀ ਜਾ ਰਹੀ ਮੱਕੀ ਦੀ ਕਾਸ਼ਤ ਆਦਿ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿਸਾਨੀ ਸਬੰਧੀ ਪਿੰਡ ਪੱਧਰ ‘ਤੇ ਲਗਾਏ ਜਾ ਰਹੇ ਕੈਂਪਾਂ ਵਿੱਚ ਕਿਸਾਨਾਂ ਨੂੰ ਹੋਰ ਵੀ ਜਿਆਦਾ ਫ਼ਸਲਾਂ ਦੀ ਸਾਂਭ-ਸੰਭਾਲ ਦੇ ਤਰੀਕਿਆਂ, ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ, ਫ਼ਸਲਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੇ ਬਚਾਅ ਆਦਿ ਬਾਰੇ ਸਮੇਂ-ਸਮੇਂ ਅਨੁਸਾਰ ਜਾਗਰੂਕ ਕੀਤਾ ਜਾਵੇ।

ਬਰਨਾਲਾ ਵਿਖੇ ਪਹੁੰਚਣ ਤੇ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਧਾਨ ਬਰਨਾਲਾ ਵੱਲੋਂ ਮੋਗਾ ਬਾਈ ਪਾਸ ਵਿਖੇ ਬਣਾਏ ਜਾ ਰਹੇ ਮਿਨੀ ਜੰਗਲ ਦਾ ਦੌਰਾ ਕੀਤਾ. ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਕੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰਿਆਲੀ ਵਧਾਉਣ ਲਈ ਇਸ ਤਰ੍ਹਾਂ ਦੇ ਉਪਰਾਲਿਆਂ ਦੀ ਸਖ਼ਤ ਲੋੜ ਹੈ. ਉਹਨਾਂ ਕਿਹਾ ਕਿ ਹੋਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਇਸ ਉਪਰਾਲੇ ਤੋਂ ਸੇਧ ਲੈਣੀ ਚਾਹੀਦੀ ਹੈ.

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਵਧੀਕ ਡਿਪਟੀ ਕਮਿਸ਼ਨ (ਜਨਰਲ) ਸ਼੍ਰੀ ਆਦਿਤਿਆ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਸ਼ੋਕ ਕੁਮਾਰ, ਜ਼ਿਲਾ ਮਾਲ ਅਫ਼ਸਰ ਸ਼੍ਰੀ ਗਗਨਦੀਪ ਸਿੰਘ, ਐਸ.ਪੀ.(ਡੀ) ਸ਼੍ਰੀ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।