ਰੂਪਨਗਰ- 24 ਨਵੰਬਰ 2021
ਖਰੀਫ਼ ਸੀਜ਼ਨ 2021-22 ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹਾ ਰੂਪਨਗਰ ਨੇ ਪੂਰੇ ਪੰਜਾਬ ਵਿੱਚੋਂ ਅੱਵਲ ਸਥਾਨ ਹਾਸਲ ਕੀਤਾ ਹੈ ਜਿਸ ਲਈ ਖੁਰਾਕ ਤੇ ਸਪਲਾਈਜ਼ ਵਿਭਾਗ ਵੱਲੋਂ ਅਨਾਜ ਭਵਨ ਸੈਕਟਰ-39, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਵਿਖੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਅਤੇ ਕੈਬਿਨੇਟ ਮੰਤਰੀ ਖੁਰਾਕ ਸਪਲਾਈਜ਼, ਸ਼੍ਰੀ ਭਾਰਤ ਭੂਸ਼ਣ ਆਸ਼ੂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਸ਼ੰਸਾ-ਪੱਤਰ ਦੇ ਕੇ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ।
ਹੋਰ ਪੜ੍ਹੋ :-ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਡਰਾਅ ਰਾਹੀਂ ਕੀਤੀ ਜਾਵੇਗੀ ਚੋਣ
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਕਰਨ ਲਈ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਕਿਸਾਨਾਂ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਦੀ ਲਿਫਟਿੰਗ ਦਾ ਕੰਮ ਵੀ ਸਮੇਂ ਸਿਰ ਨੇਪਰੇ ਚਾੜਿਆ ਜਾ ਚੁੱਕਾ ਹੈ।
ਸ੍ਰੀਮਤੀ ਸੋਨਾਲੀ ਗਿਰਿ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਮੰਡੀਆਂ ਵਿੱਚ ਐਮ.ਐਸ.ਪੀ. ਤੇ ਝੋਨਾ ਵੇਚਣ ਤੋਂ ਰੋਕਣ ਲਈ ਇੰਟਰ-ਸਟੇਟ ਨਾਕੇ ਅਤੇ ਫਲਾਇੰਗ ਸਕੁਐਡ ਰਾਹੀਂ ਸਖਤੀ ਨਾਲ ਵਾਹਨਾ ਦੀ ਚੈਕਿੰਗ ਕੀਤੀ ਗਈ ਜਿਸ ਦੇ ਨਾਲ ਝੋਨੇ ਦੀ ਮੁਕੰਮਲ ਖਰੀਦ ਕਰਨ ਵਿਚ ਕੋਈ ਮੁਸ਼ਕਿਲ ਨਹੀਂ ਆਈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਠਾਏ ਗਏ ਅਹਿਮ ਕਦਮਾਂ ਸਕਦਾ, ਖੁਰਾਕ ਸਪਲਾਈਜ਼ ਵਿਭਾਗ ਵੱਲੋਂ ਝੋਨੇ ਦੀ ਖਰੀਦ ਦੇ ਮਿੱਥੇ ਗਏ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਗਿਆ।
ਇਸ ਸਬੰਧੀ ਸ. ਸਤਵੀਰ ਸਿੰਘ ਮਾਵੀ, ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ, ਰੂਪਨਗਰ ਜੀ ਦਾ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਕੰਟਰੋਲਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜੀ ਦੀ ਦੂਰਅੰਦੇਸ਼ੀ ਅਤੇ ਪ੍ਰੇਰਨਾ ਸਦਕਾ ਹੀ ਖਰੀਫ਼ ਸੀਜ਼ਨ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਕਿਸਾਨਾ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਖਰੀਫ਼ ਸੀਜ਼ਨ ਸਫਲਤਾਪੂਰਵਕ ਸਮਾਪਤ ਹੋਇਆ ਹੈ।

हिंदी






