ਭਗਵੰਤ ਮਾਨ ਨੇ ਆਪਣੀ ਪਾਰਟੀ ਦਾ ਵਾਅਦਾ ਪੂਰਾ ਕੀਤਾ, ਵਿੱਤ ਵਿਭਾਗ ਨੂੰ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪੀੜਤ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼

ਚੰਡੀਗੜ੍ਹ, 9 ਮਈ 2022

ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।

ਹੋਰ ਪੜ੍ਹੋ :-ਵੇਰਕਾ ਦਾ ਅਕਸ ਖ਼ਰਾਬ ਕਰਨ ਦੀਆਂ ਕੋਝੀਆਂ ਹਰਕਤਾਂ ਦੀ ਕੀਤੀ ਕਰੜੀ ਨਿਖੇਧੀ

ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਕੋਵਿਡ-19 ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ। ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।