ਸ਼ਹੀਦ-ਏ-ਆਜ਼ਮ  ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ

Sorry, this news is not available in your requested language. Please see here.

ਪੁਲਿਸ ਦੀ ਟੁਕੜੀ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸਲਾਮੀ

ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦਾ ਉਹ ਕੌਮੀ ਨਾਇਕ ਹੈ ਜੋ ਹਮੇਸ਼ਾਂ ਸਾਡੇ ਲਈ ਪ੍ਰੇਰਨਾ ਸਰੋਤ ਰਹੇਗਾ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 28 ਸਤੰਬਰ (       ) – ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਜ) ਡਾ. ਨਿਧੀ ਕੁਮੁਧ, ਐੱਸ.ਪੀ. ਸ. ਪ੍ਰਿਥੀਪਾਲ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਵਰੁਣ ਕੁਮਾਰ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਉੱਪਰ ਫੁੱਲ ਅਰਪਤ ਕਰਕੇ ਸਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਡੀ.ਐੱਸ.ਪੀ. ਕਲਾਨੌਰ ਸ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਲਾਮੀ ਭੇਟ ਕੀਤੀ।

ਇਸ ਮੌਕੇ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਅਹਿਦ ਚੁਕਾਇਆ ਗਿਆ। ਮੁੱਖ ਮੰਤਰੀ ਸ. ਮਾਨ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਦਰਸਾਏ ਹੋਏ ਮਾਰਗ ’ਤੇ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਝੋਏ ਹੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਇਰਾਦੇ ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਰਹਿਣਗੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦਾ ਉਹ ਕੌਮੀ ਨਾਇਕ ਹੈ ਜੋ ਹਮੇਸ਼ਾਂ ਹੀ ਸਾਡੇ ਲਈ ਪ੍ਰੇਰਨਾ ਸਰੋਤ ਰਹੇਗਾ। ਉਨ੍ਹਾਂ ਕਿਹਾ ਸ. ਭਗਤ ਸਿੰਘ ਦੀ ਵਿਚਾਰਧਾਰਾ ਸਮਾਨਤਾ ਵਾਲੇ ਸਮਾਜ ਦੇ ਸਿਧਾਂਤ ’ਤੇ ਆਧਾਰਿਤ ਸੀ ਜਿਸਤੋਂ ਸਾਨੂੰੰ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਪੂਰੀ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨੂੰ ਨਿਭਾਉਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ. ਭਗਤ ਸਿੰਘ ਦੇ ਨਾਮ ’ਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜ਼ਿਲ੍ਹਾ ਖੇਡ ਸੁਸਾਇਟੀ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਖੇਡਾਂ ਦੀ ਲੀਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਚੰਗੇ ਇਨਾਮ ਦਿੱਤੇ ਜਾਣਗੇ ਤਾਂ ਜੋ ਸਾਡੀ ਨੌਜਵਾਨ ਖੇਡਾਂ ਨਾਲ ਜੁੜ ਸਕਣ। ਇਸ ਤੋਂ ਇਲਾਵਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਅਜੀਵਕਾ ਮਿਸ਼ਨ ਨਾਲ ਜੋੜ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਸਦਰ ਮੁਕਾਮ ਸਮੇਤ ਸਾਰੀਆਂ ਤਹਿਸੀਲਾਂ ਵਿੱਚ ਕੈਂਡਲ ਲਾਈਟ ਮਾਰਚ, ਸਾਈਕਲ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ ਗਿਆ ਹੈ ਅਤੇ ਉਨ੍ਹਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਹਨ।