– ਫੌਜ, ਬੀ.ਐਸ.ਐਫ., ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ
– ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਨੰ: 01632-280161 ਤੇ 01632-280020 ਜਾਰੀ
ਫ਼ਿਰੋਜ਼ਪੁਰ 22 ਮਾਰਚ 2023 :-
ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ 2023 ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਜਸਵੰਤ ਸਿੰਘ ਬੜੈਚ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ ਅਤੇ ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ, ਵਿਧਾਇਕ ਆਦਿ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਪ੍ਰਬੰਧਾਂ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਅਤੇ ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਦੇ ਨੰਬਰਾਂ 01632-280161 ਅਤੇ 01632-280020 ‘ਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਐਸ.ਪੀ.(ਐਚ) ਸ੍ਰੀ ਸੋਹਨ ਲਾਲ ਸੋਨੀ, ਡੀ.ਐਸ.ਪੀ. ਸ੍ਰੀ ਮਨਜੀਤ ਸਿੰਘ ਸਮੇਤ ਫੌਜ ਤੇ ਬੀ.ਐਸ.ਐਫ਼ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

हिंदी






