ਜਿਲ੍ਹੇ ‘ਚ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ

patiala rozgar mela

-ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਹੈਲਪਲਾਈਨ ਨੰਬਰ 9876610877 ‘ਤੇ ਕਰਨ ਸੰਪਰਕ
-ਰੋਜ਼ਗਾਰ ਬਿਊਰੋ ਨੇ ਬੈਂਕਾਂ ਨਾਲ ਸਵੈ ਰੋਜ਼ਗਾਰ ਦੇ ਲੋਨ ਕੇਸਾਂ ਸਬੰਧੀ ਕੀਤੀ ਮੀਟਿੰਗ
ਪਟਿਆਲਾ, 4 ਨਵੰਬਰ:
ਬੇਰੋਜ਼ਗਾਰ ਹੁਨਰਮੰਦ ਨੌਜਵਾਨਾਂ ਲਈ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਲੀਡ ਬੈਂਕ ਤੇ ਵੱਖ-ਵੱਖ ਬੈਂਕਾਂ ਦੇ ਜਿਲ੍ਹਾ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ‘ਚ ਲੀਡ ਬੈਂਕ ਦੇ ਨੁਮਾਇੰਦਿਆਂ ਨੇ ਦੱਸਿਆ ਸਵੈ-ਰੋਜ਼ਗਾਰ ਅਪਣਾ ਕੇ ਬੇਰੋਜ਼ਗਾਰੀ ਨੂੰ ਠੱਲ੍ਹ ਪਾਈ ਜਾ ਸਕਦੀ ਹੈ, ਪਰ ਆਮ ਲੋਕਾਂ ਨੂੰ ਪੂਰੀ ਜਾਣਕਾਰੀ ਨਾ ਹੋਣ ਕਰਕੇ ਉਨ੍ਹਾਂ ਨੂੰ ਇਹ ਪਤਾ ਹੀ ਨਹੀਂ ਲੱਗਦਾ ਕਿ ਕਿਸ ਜਗ੍ਹਾ ਜਾਂ ਅਦਾਰੇ ਤੋਂ ਲੋਨ/ਸਵੈ-ਰੋਜ਼ਗਾਰ ਲਈ ਲੋਨ ਪ੍ਰਾਪਤ ਕੀਤਾ ਜਾ ਸਕਦਾ ਹੈ। ਇਨ੍ਹਾਂ ਮੁਸ਼ਕਲਾਂ ਦਾ ਹੱਲ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਦਸੰਬਰ ਮਹੀਨੇ ਵਿੱਚ ਸਵੈ-ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਫ਼ਾਇਦਾ ਮਿਲ ਸਕੇ।
ਮੀਟਿੰਗ ਦੌਰਾਨ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਸਿੰਪੀ ਸਿੰਗਲਾ ਨੇ ਬੈਂਕਾਂ ਦੇ ਇੰਚਾਰਜਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਦੇ ਪੈਡਿੰਗ ਲੋਨ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜੋ ਪ੍ਰਾਰਥੀ ਕਿਸੇ ਵੀ ਪ੍ਰਕਾਰ ਦਾ ਸਵੈ ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ ਜਿਵੇਂ ਕਿ ਡੇਅਰੀ ਫਾਰਮ, ਲਘੂ ਉਦਯੋਗ, ਦੁਕਾਨ, ਬਾਗਬਾਨੀ, ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਕੰਮ ਦੀ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਹੈਲਪਲਾਈਨ ਨੰਬਰ 9876610877 ‘ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵੱਜੇ ਤੱਕ ਸੰਪਰਕ ਕਰ ਸਕਦਾ ਹੈ।