ਸਰਹੱਦੀ ਕਿਸਾਨਾਂ ਨੂੰ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਫਾਜ਼ਿਲਕਾ, 7 ਅਕਤੂਬਰ 2024
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਸੀਮਾ ਸੁਰੱਖਿਆ ਬਲ ਦੇ ਅਫਸਰਾਂ ਨਾਲ ਬੈਠਕ ਕੀਤੀ ਤਾਂ ਜੋ ਝੋਨੇ ਦੀ ਵਾਢੀ ਦੌਰਾਨ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਇਸ ਸਬੰਧੀ ਬੀਐਸਐਫ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਤਾਰ ਪਾਰੋਂ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਕਿਤੇ ਵੀ ਅੱਗ ਨਾ ਲਗਾਉਣ ਅਤੇ ਤਾਰ ਪਾਰ ਜਾਣ ਸਮੇਂ ਬੀਐਸਐਫ ਦੀਆਂ ਹਦਾਇਤਾਂ ਦਾ ਪਾਲਣ ਕਰਨ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਤਾਇਨਾਤ ਕਲਸਟਰ ਅਤੇ ਨੋਡਲ ਅਫ਼ਸਰਾਂ ਦੇ ਨੰਬਰ ਵੀ ਬੀਐਸਐਫ ਨੂੰ ਦਿੱਤੇ ਜਾਣਗੇ ਤਾਂ ਜੋ ਜੇਕਰ ਪਰਾਲੀ ਸੜਨ ਦੀ ਸੂਚਨਾ ਮਿਲੇ ਤਾਂ ਤੁਰੰਤ ਕਾਰਵਾਈ ਕਰਦੇ ਹੋਏ ਅਜਿਹੀ ਅੱਗ ਬੁਝਾਈ ਜਾ ਸਕੇ।
ਇਸ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੂੰ ਹਦਾਇਤ ਕੀਤੀ ਪਿੰਡਾਂ ਵਿਚ ਜਿਆਦਾ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤੇ ਪਰਾਲੀ ਨਾ ਸਾੜਨ ਲਈ ਪ੍ਰੇਰਤ ਕਰਦੇ ਹੋਏ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦੇ ਅਤੇ ਸਾੜਨ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਪਿੰਡਾਂ ਵਿਚ ਉਪਲਬੱਧ ਮਸ਼ੀਨਾਂ ਦੀਆਂ ਸੂਚੀਆਂ ਪਿੰਡਾਂ ਵਿਚ ਸਾਂਝੀਆਂ ਥਾਂਵਾਂ ਤੇ ਲਗਾਈਆਂ ਗਈਆਂ ਹਨ ਤਾਂ ਜੋ ਕਿਸਾਨ ਇੱਥੋਂ ਮਸ਼ੀਨ ਮਾਲਕਾਂ ਨਾਲ ਗੱਲ ਕਰਕੇ ਮਸ਼ੀਨਾਂ ਕਿਰਾਏ ਤੇ ਲੈ ਸਕਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਿਨ੍ਹਾਂ ਉਨੱਤ ਕਿਸਾਨ ਐਪ ਰਾਹੀਂ ਵੀ ਕਿਸਾਨ ਮਸ਼ੀਨਾਂ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਐਸਪੀ ਪ੍ਰਦੀਪ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਅਤੇ ਬੀਐਸਐਫ ਦੇ ਅਧਿਕਾਰੀ ਹਾਜਰ ਸਨ।

हिंदी






