ਜ਼ਿਲ੍ਹੇ ਅੰਦਰ ਵਹੀਕਲ ਡਰਾਈਵ ਕਰਦੇ ਸਮੇਂ ਅਤੇ ਸੜਕ ਤੇ ਪੈਦਲ ਚਲਦੇ ਸਮੇਂ ਚਿਹਰਾ ਢੱਕ ਕੇ ਚੱਲਣ ਤੇ ਪਾਬੰਦੀ
ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ
ਸਰਕਾਰੀ/ਗੈਰ ਸਰਕਾਰੀ ਇਮਾਰਤਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ਤੇ ਪਾਬੰਦੀ
ਸੜਕ ਦੀ ਜ਼ਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਾ ਕੀਤੇ ਜਾਣ ਨਜ਼ਾਇਜ ਕਬਜ਼ੇ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
ਜਨਤਕ ਥਾਵਾਂ ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਧਰਨੇ ਦੇਣ, ਰੈਲੀਆਂ, ਮੁਜਾਹਰੇ ਕਰਨ ਦੇ ਪਾਬੰਦੀ
ਫਿਰੋਜ਼ਪੁਰ, 5 ਫਰਵਰੀ 2025
ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਹਿੱਤ ਵਿੱਚ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆਂ ਯਕੀਨੀ ਬਣਾਉਣ ਲਈ ਜਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵਹੀਕਲ ਚਲਾਉਣ ਅਤੇ ਮੁੰਹ ਢੱਕ ਕੇ ਪੈਦਲ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ, ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲੱਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੋਗੀ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਦਿੱਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਰਾਹੀਂ ਜ਼ਿਲ੍ਹੇ ਵਿੱਚ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਦੀ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਜਾਇਜ ਕਬਜਾ ਨਾ ਕਰੇ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਅਤਤਾ ਵਧਦੀ ਅਤੇ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ।
ਇਸੇ ਤਰ੍ਹਾਂ ਇਕ ਹੋਰ ਹੁਕਮ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਤੰਗ /ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਧੀਕ ਪ੍ਰਧਾਨ ਮੁੱਖ ਵਣ ਪਾਲ (ਜੰ:ਜੀ) ਅਤੇ ਮੁੱਖ ਜੰਗਲੀ ਜੀਵ ਵਾਰਡਨ, ਪੰਜਾਬ ਐਸ.ਏ.ਐਸ ਨਗਰ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਅੱਜ-ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਨਾਈਲੋਨ ਤੋਂ ਬਣੀ /ਚਾਈਨੀਜ /ਸੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ /ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗੱਲ ਅਤੇ ਕੰਨ ਕੱਟ ਜਾਂਦੇ ਹਨ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰ੍ਹਾਂ ਨਾਈਲੋਨ /ਸੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਹੋਏ ਧਾਗੇ) ਦੀ ਬਣੀ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ/ਸੰਥੈਟਿਕ/ਪਲਾਸਟਿਕ (ਕੰਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਥਾਵਾਂ ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ/ਰੈਲੀਆਂ, ਮੁਜਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ ਤੇ ਮੀਟਿੰਗ ਕਰਨਾ ਆਦਿ ਦੇ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ ਦੇ ਜਵਾਨ, ਹਰ ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ, ਇਲੈਕਸ਼ਨ ਸਬੰਧੀ ਰਿਹਰਸਲਾਂ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ।

हिंदी






