ਸਿਵਲ ਸਰਜਨ ਵੱਲੋਂ ਪੇਂਡੂ ਸਿਹਤ ਸਫਾਈ ਤੇ ਖੁਰਾਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Sorry, this news is not available in your requested language. Please see here.

ਗੈਰ ਸੰਚਾਰੀ ਬਿਮਾਰੀਆਂ ਦੀ ਵਿਸ਼ੇਸ਼ ਸਕਰੀਨਿੰਗ ਮੁਹਿੰਮ ਵਿੱਚ ਸਹਿਯੋਗ ਦੀ ਮੰਗ

ਮਹਿਲ ਕਲਾਂ, 24 ਫਰਵਰੀ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਿਵਲ ਸਰਜਨ ਡਾ. ਬਲਦੇਵ ਸਿੰਘ ਸੰਧੂ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ ਵੱਲੋਂ ਬਲਾਕ ਮਹਿਲ ਕਲਾਂ ਵਿਖੇ ਵੱਖ-ਵੱਖ ਪੇਂਡੂ ਸਿਹਤ ਸਫਾਈ ਤੇ ਖੁਰਾਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਗੈਰ-ਸੰਚਾਰੀ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਲਈ ਇੱਕ ਵਿਸ਼ੇਸ਼ ਸਕਰੀਨਿੰਗ ਮੁਹਿੰਮ 31 ਮਾਰਚ ਤੱਕ ਚਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੀ ਸਪੈਸ਼ਲ ਸਕਰੀਨਿੰਗ ਕਰਕੇ ਉਨ੍ਹਾਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਇਲਾਜ ਦੀ ਸ਼ੁਰੂਆਤ ਕਰਨਾ ਹੈ, ਜਿਸ ਨਾਲ ਰੋਗਾਂ ਦੀ ਵਧਦੀ ਦਰ ਅਤੇ ਮੌਤਾਂ ਦੀ ਗਿਣਤੀ ਵਿੱਚ ਕਮੀ ਆ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਦੀ ਹਾਈਪਰਟੈਂਸ਼ਨ, ਸ਼ੂਗਰ ਸਮੇਤ ਗੈਰ-ਸੰਚਾਰੀ ਬਿਮਾਰੀਆਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਹਾਈਪਰਟੈਂਸ਼ਨ, ਸ਼ੂਗਰ, ਕੈਂਸਰ ਅਤੇ ਦਿਲ ਦੀ ਬਿਮਾਰੀਆਂ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਦੀ ਦਰ ਤੇਜ਼ੀ ਨਾਲ ਵੱਧ ਰਹੀ ਹੈ। ਇਸ ਲਈ, ਸਰਕਾਰ ਨੇ ਸਮੁੱਚੇ ਸੂਬੇ ਵਿੱਚ ਇਹ ਸਕਰੀਨਿੰਗ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਸਕਰੀਨਿੰਗ ਮੁਹਿੰਮ ਲੋਕਾਂ ਨੂੰ ਆਪਣੀ ਸਿਹਤ ਬਾਰੇ ਜਾਗਰੂਕ ਕਰੇਗੀ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਿਹਤ ਸੇਵਾਵਾਂ ਦੀ ਪਹੁੰਚ ਮਿਲੇਗੀ। ਉਨ੍ਹਾਂ ਪੇਂਡੂ ਸਿਹਤ ਸਫਾਈ ਤੇ ਖੁਰਾਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਵੀ ਕਿਹਾ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ ਨੇ ਕਿਹਾ ਕਿ ਗੈਰ-ਸੰਚਾਰੀ ਰੋਗਾਂ ਲਈ ਸਕਰੀਨਿੰਗ ਮੁਹਿੰਮ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਸਿਹਤ ਕੈਂਪਾਂ, ਸਿਹਤ ਸੰਸਥਾਵਾਂ ਤੇ ਘਰ ਘਰ ਜਾ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਟੀਮਾਂ ਨੂੰ ਇਸ ਪ੍ਰਕਿਰਿਆ ਲਈ ਤਿਆਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਟ੍ਰੇਨਿੰਗ ਵੀ ਦਿੱਤੀ ਗਈ ਹੈ। ਇਸ ਸਕਰੀਨਿੰਗ ਮੁਹਿੰਮ ਰਾਹੀਂ ਜੇਕਰ ਇਹ ਬਿਮਾਰੀਆਂ ਸਮੇਂ ਸਿਰ ਪਛਾਣੀਆਂ ਜਾ ਸਕਦੀਆਂ ਹਨ ਤਾਂ ਉਹਨਾਂ ਦਾ ਇਲਾਜ ਅਤੇ ਰੋਕਥਾਮ ਸੰਭਵ ਹੋ ਸਕਦੀ ਹੈ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਵਿੱਚ ਸ਼ਾਮਿਲ ਹੋ ਕੇ ਸਹਿਯੋਗ ਕਰਨ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ  ਬਲਾਕ ਐਜੂਕੇਟਰ ਸ਼ਿਵਾਨੀ, ਐਸ.ਆਈ ਮਦਨ, ਐਲ ਐਚ ਵੀ ਬਲਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।