ਮੁੱਖ ਮੰਤਰੀ ਫੀਲਡ ਅਫ਼ਸਰ ਨੇ ਕੀਤੀ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ
ਰੂਪਨਗਰ, 19 ਮਈ 2025
ਮੁੱਖ ਮੰਤਰੀ ਫੀਲਡ ਅਫ਼ਸਰ ਸ. ਜਸਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸੁਤੰਤਰਤਾ ਸੰਗਰਾਮੀਆਂ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਉਨ੍ਹਾਂ ਦੁਆਰਾ ਦੇਸ਼ ਲਈ ਕੀਤੇ ਗਏ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ, ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਬੋਤਮ ਕੁਰਬਾਨੀਆਂ ਦਿੱਤੀਆਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਇੱਛਾਵਾਂ ਦੀ ਕਦਰ ਕਰਨ ਲਈ ਸਖ਼ਤ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਇਸ ਮੌਕੇ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾ ਹੀ ਸਾਰੇ ਦਫਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ।
ਇਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਉੱਤਰਾਧਿਕਾਰੀਆਂ ਨਾਲ ਸਰਕਾਰ ਵਲੋਂ ਚਲਾਇਆ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲੋਕ ਭਲਾਈ ਸਕੀਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਯੋਗ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।
ਇਸ ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ, ਮੁੱਖ ਮੰਤਰੀ ਫੀਲਡ ਅਫ਼ਸਰ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਨੁਮਾਇੰਦਿਆਂ ਨੂੰ ਯਕੀਨ ਦਵਾਇਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

English






