ਖੇਤੀਬਾੜੀ ਵਿਭਾਗ ਨੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

Sorry, this news is not available in your requested language. Please see here.

ਅੱਗ ਲਗਾਉਣ ਨਾਲ ਮਨੁੱਖੀ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ
ਪਟਿਆਲਾ, 16 ਅਕਤੂਬਰ :
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕ ‘ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਣ, ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜਿਆਂ ਦੇ ਜਿਊਂਦੇ ਰਹਿਣ ਅਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਹੁੰਦੇ ਸੜਕੀ ਹਾਦਸਿਆਂ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ‘ਚ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਪਰਾਲੀ ਨੂੰ ਖੇਤਾਂ ‘ਚ ਹੀ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਅਤੇ ਹੋਰ ਲਾਭਾਂ ਬਾਰੇ ਜਾਣਕਾਰੀ ਦੇਣ ਸਮੇਤ ਮਾਹਰਾਂ ਵੱਲੋਂ ਦੱਸਿਆ ਗਿਆ ਹੈ ਕਿ ਪਰਾਲੀ ਦਾ ਨਿਪਟਾਰਾਂ ਖੇਤ ‘ਚ ਹੀ ਕਰਨ ਨਾਲ ਜਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਣ ਦੀ ਸ਼ੁੱਧਤਾ ਵੀ ਬਰਕਰਾਰ ਰਹਿੰਦੀ ਹੈ।