ਜ਼ਿਲ੍ਹੇ ਦੇ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਜਾਗਰੂਕਤਾ ਕੈਂਪ
ਤਰਨ ਤਾਰਨ, 30 ਸਤੰਬਰ :
ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਸ਼੍ਰੀ ਕੁਲਜੀਤ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਸੰਬੰਧੀ ਲਗਾਤਾਰ ਜ਼ਿਲ੍ਹੇ ਦੇ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਬੇਲਰ ਜਿਹੀਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਸਾਂਭਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।
ਉਹਨਾਂ ਨੇ ਦੱਸਿਆ ਕਿ ਇਸ ਤਹਿਤ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਨਾਲ ਤਾਲਮੇਲ ਕੀਤਾ ਗਿਆ ਅਤੇ ਜਿੱਥੇ ਵੀ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਕੀਤੀ ਜਾ ਰਹੀ ਹੈ, ਉੱਥੇ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ । ਉਹਨਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲੱਗੀਆਂ ਅੱਗਾਂ ਵਿੱਚੋਂ 55 ਜਗ੍ਹਾ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਜਿਸ ਅਧੀਨ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜ਼ੁਰਮਾਨਾ ਅਤੇ ਐਫ਼. ਆਰ. ਆਈ ਕੀਤੀ ਗਈ ਹੈ।
ਅੱਜ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਬਲਾਕਾਂ ਦੇ ਅਧਿਕਾਰੀਆਂ ਨੇ ਪਿੰਡ ਕੋਟ ਧਰਮ ਚੰਦ ਕਲਾਂ, ਪੰਡੋਰੀ ਗੋਲਾਂ, ਝਬਾਲ , ਫ਼ਤਿਆਬਾਦ, ਸੰਗਤਪੁਰਾ , ਮੁੰਡਾ-ਪਿੰਡ, ਨੰਦਪੁਰ , ਦਿਲਾਵਲਪੁਰ, ਸੋਹਲ ਠੱਠੀ, ਗੱਗੋਬੂਆ, ਵਰਨਾਲਾ, ਸਾਂਧਰਾ ਆਦਿ ਵਿਖੇ ਪਿੰਡ ਪੱਧਰੀ ਕੈਂਪ ਲਗਾਏ ਅਤੇ ਪਰਾਲੀ ਪ੍ਰਬੰਧਨ ਮਸ਼ੀਨਾਂ ਜਿਵੇਂ ਕਿ ਬੇਲਰ ਆਦਿ ਰਾਹੀਂ ਪਰਾਲੀ ਦੀਆਂ ਖੇਤਾਂ ਵਿੱਚੋਂ ਚੁਕਾਈ ਕੀਤੀ ਗਈ।
ਇਸ ਸੰਬੰਧੀ ਸਮੂਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਮਿਲਾਇਆ ਜਾਵੇ ਅਤੇ ਕੋਈ ਵੀ ਮੁਸ਼ਕਿਲ ਆਉਣ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।

हिंदी





