‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

-ਟਿਕਟ ਹਾਸਲ ਕਰਨ ਵਾਲੇ ਦਸ ਉਮੀਦਵਾਰਾਂ ਦੇ ਨਾਂਵਾਂ ਦਾ ਕੀਤਾ ਐਲਾਨ

– ਸਾਰੇ ਵਿਧਾਇਕਾਂ ਵਿੱਚੋਂ ਦਸ ਮੌਜ਼ੂਦਾ ਵਿਧਾਇਕਾਂ ਨੂੰ ਮੁੜ ਮਿਲੀ ਹਰੀ ਝੰਡੀ

ਚੰਡੀਗੜ੍ਹ, 12 ਨਵੰਬਰ
ਆਮ ਆਦਮੀ ਪਾਰਟੀ (ਆਪ) ਨੇ ਅਗਲੇ ਵਰ੍ਹੇ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਲਈ ਆਪਣੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ਅਨੁਸਾਰ ਪਾਰਟੀ ਨੇ ਮੌਜੂਦਾ ਵਿਧਾਇਕਾਂ ਵਿਚੋਂ ਹੀ 10 ਵਿਧਾਇਕਾਂ ਨੂੰ ਮੁੜ ਚੋਣ  ਮੈਦਾਨ ਵਿੱਚ ਉਤਾਰਿਆ ਹੈ।
ਸ਼ੁੱਕਰਵਾਰ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਪਾਰਟੀ ਦੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਤਹਿਤ ਵਿਧਾਨ ਸਭਾ ਹਲਕਾ ਗੜਸ਼ੰਕਰ ਤੋਂ ਜੈ ਕ੍ਰਿਸ਼ਨ ਸਿੰਘ ਰੋੜੀ, ਜਗਰਾਉਂ ਤੋਂ ਸਰਵਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਤਲਵੰਡੀ ਸਾਬੋ ਤੋਂ ਪ੍ਰੋ. ਬਲਜਿੰਦਰ ਕੌਰ, ਬੁੱਢਲਾਡਾ ਤੋਂ ਪ੍ਰਿੰਸੀਪਲ ਬੁੱਧਰਾਮ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਅਮਨ ਅਰੋੜਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਦੇ ਨਾਂ ਸ਼ਾਮਲ ਹਨ। ਐਲਾਨੇ ਗਏ ਉਮੀਦਵਾਰ ਸੰਬੰਧਿਤ ਵਿਧਾਨ ਸਭਾ ਹਲਕਿਆਂ ਤੋਂ ‘ਆਪ’ ਦੇ ਵਿਧਾਇਕ ਹਨ, ਜਿਨ੍ਹਾਂ ’ਤੇ ਵਿਸ਼ਵਾਸ਼ ਪ੍ਰਗਟਾਉਂਦਿਆਂ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਹੋਰ ਪੜ੍ਹੋ :- ਵੋਟਰ ਜਾਗਰੂਕਤਾ ਸਬੰਧੀ ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵੱਲੋਂ ਰਿਲੇਅ ਦੌੜ 14 ਨੂੰ

‘ਆਪ’ ਵੱਲੋਂ ਮੁੜ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਨੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਜਰਨੈਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਭਰੋਸਾ ਕਾਇਮ ਰੱਖਦਿਆਂ ਉਨ੍ਹਾਂ ਨੂੰ ਮੁੜ ਪੰਜਾਬ ਅਤੇ ਪੰਜਾਬ ਵਾਸੀਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਪੰਜਾਬ ਦੇ ਮਨ ਦੀ ਗੱਲ ਸਮਝਦੇ ਹਨ ਅਤੇ ਪੰਜਾਬ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਰੂਰ ਬਣੇਗੀ। ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਅਸਲ ਪੰਜਾਬ ਬਣਦਾ ਦੇਖਣ ਲਈ ਆਮ ਆਦਮੀ ਪਾਰਟੀ ਦੇ ਹਰ ਉਮੀਦਵਾਰ ਨੂੰ ਪੂਰਨ ਸਹਿਯੋਗ ਦੇ ਕੇ ਜੇਤੂ ਬਣਾਇਆ ਜਾਵੇ, ਤਾਂ ਜੋ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪਾਰਟੀਆਂ ਨੂੰ ਇਹ ਸਮਝ ਆ ਜਾਵੇ ਕਿ ਜੇ ਪੰਜਾਬ ਕਿਸੇ ਨੂੰ ਸਿਰ ’ਤੇ ਬੈਠਾ ਸਕਦਾ ਹੈ ਤਾਂ ਉਸ ਨੂੰ ਸਿਰ ਤੋਂ ਉਤਾਰਨਾ ਵੀ ਜਾਣਦਾ ਹੈ।