ਬਲਬੀਰ ਸਿੰਘ ਸਿੱਧੂ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ

balbir singh sidhu
balbir singh sidhu

ਸਿਹਤ ਵਿਭਾਗ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਪੇਸ਼ੇਵਰ ਏਜੰਸੀ ਨੂੰ ਕੰਮ ਸੌਂਪੇਗਾ

ਸਰਕਾਰੀ ਵਿਭਾਗ ਅਤੇ ਬੋਰਡ ਸਮਾਂਬੱਧ ਢੰਗ ਨਾਲ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣਗੇ

ਚੰਡੀਗੜ੍ਹ, 15 ਜਨਵਰੀ:

ਐਸ.ਐਸ.ਬੀ.ਵਾਈ. (ਸਰਬੱਤ ਸਹਿਤ ਬੀਮਾ ਯੋਜਨਾ) ਦੇ ਹਰੇਕ ਯੋਗ ਲਾਭਪਾਤਰੀ ਲਈ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਖੁਰਾਕ ਅਤੇ ਸਪਲਾਈ, ਆਬਕਾਰੀ ਅਤੇ ਕਰ, ਕਿਰਤ ਵਿਭਾਗ ਅਤੇ ਮੰਡੀ ਬੋਰਡ ਨਾਲ ਮੀਟਿੰਗ ਕੀਤੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਰਬੱਤ ਸਹਿਤ ਬੀਮਾ ਯੋਜਨਾ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਂਬੱਧ ਢੰਗ ਨਾਲ ਸ਼ਾਮਲ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਸਬੰਧਤ ਵਿਭਾਗਾਂ ਦੇ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਅਸਾਨੀ ਨਾਲ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਸੇਵਾਵਾਂ ਮਿਲ ਸਕਣ। ਉਨ੍ਹਾਂ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਆਈ.ਈ.ਸੀ. ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ। ਉਹਨਾਂ ਦੱਸਿਆ ਕਿ ਕਾਮਨ ਸਰਵਿਸ ਸੈਂਟਰਾਂ ਅਤੇ ਸੂਚੀਬੱਧ ਹਸਪਤਾਲਾਂ ਵੱਲੋਂ ਹੁਣ ਤੱਕ ਤਕਰੀਬਨ 40,03,435 ਈ-ਕਾਰਡ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਪੇਸ਼ੇਵਰ ਏਜੰਸੀਆਂ ਨਾਲ ਸਮਝੌਤਾ ਕਰਕੇ ਕੰਮ ਸੌਂਪਣ ਜਾ ਰਿਹਾ ਹੈ ਅਤੇ ਇਹ ਸਬੰਧਤ ਵਿਭਾਗਾਂ ਦੀ ਡਿਊਟੀ ਹੈ ਕਿ ਉਹ ਸੂਬੇ ਭਰ ਵਿਚ ਆਪਣੇ ਯੋਗ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਈ-ਕਾਰਡ ਬਣਾਉਣ ਲਈ ਕੈਂਪਾਂ ਦਾ ਪ੍ਰਬੰਧ ਕਰਨ। ਉਹਨਾਂ ਅੱਗੇ ਕਿਹਾ ਕਿ ਸੂਬੇ ਦੀ ਸਿਹਤ ਏਜੰਸੀ ਨੂੰ ਤਾਜ਼ਾ ਅੰਕੜੇ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਫੂਡ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਡਿਪੂਆਂ ਵਿਖੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੇਂਦਰ ਸਥਾਪਤ ਕੀਤੇ ਜਾਣ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਦੇ ਬੀਪੀਐਲ ਕਾਰਡ ਧਾਰਕਾਂ ਨੂੰ ਸਬਸਿਡੀ ‘ਤੇ ਰਾਸ਼ਨ ਵੰਡਣ ਲਈ ਚਿੱਪ ਵਾਲੇ ਸਮਾਰਟ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਸਿਹਤ ਮੰਤਰੀ ਨੇ ਪੰਜਾਬ ਮੰਡੀ ਬੋਰਡ ਨੂੰ ਨਿਰਦੇਸ਼ ਦਿੱਤੇ ਕਿ ਉਹ ਮਾਰਕੀਟ ਕਮੇਟੀਆਂ ਵਿਖੇ ਕੈਂਪ ਲਗਾਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਦਰਮਿਆਨੇ ਕਿਸਾਨ ਹਰ ਸਾਲ ਪ੍ਰਤੀ ਪਰਿਵਾਰ 5 ਲੱਖ ਰੁਪਏ ਦੇ ਕੈਸ਼ਲੈੱਸ ਸਿਹਤ ਬੀਮੇ ਦਾ ਲਾਭ ਲੈ ਸਕਣ। ਉਨ੍ਹਾਂ ਆਬਕਾਰੀ ਤੇ ਕਰ ਵਿਭਾਗ ਨੂੰ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ 46 ਹਜ਼ਾਰ ਛੋਟੇ ਵਪਾਰੀਆਂ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਦੁਹਰਾਇਆ ਕਿ ਕੈਪਟਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਇਸ ਯੋਜਨਾ ਤਹਿਤ 30 ਹੋਰ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।

ਮੀਟਿੰਗ ਵਿੱਚ ਸਰਬੱਤ ਸਹਿਤ ਬੀਮਾ ਯੋਜਨਾ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਸਮੂਹਕ ਯਤਨਾਂ ਨਾਲ 133.32 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 1,1,3202 ਮਰੀਜ਼ਾਂ ਨੂੰ ਮੁਫਤ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਹਨਾਂ ਅੱਗੇ ਕਿਹਾ ਕਿ 1986 ਤੋਂ ਵੱਧ ਦਿਲ ਦੀਆਂ ਸਰਜਰੀਆਂ, 2598 ਜੋੜ੍ਹਾਂ ਦੇ ਆਪਰੇਸ਼ਨ, 16,180 ਡਾਇਲਸਿਸ ਕਰਵਾਏ ਗਏ ਜਦਕਿ 1860 ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸਰਬੱਤ ਸਹਿਤ ਬੀਮਾ ਯੋਜਨਾ ਦੇ ਸੀ.ਈ.ਓ. ਕੁਮਾਰ ਰਾਹੁਲ, ਖੁਰਾਕ ਤੇ ਸਪਲਾਈ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ, ਸਕੱਤਰ ਪੰਜਾਬ ਮੰਡੀ ਬੋਰਡ ਰਵੀ ਭਗਤ, ਆਬਕਾਰੀ ਕਰ ਵਿਭਾਗ ਦੇ ਸੰਯੁਕਤ ਕਮਿਸ਼ਨਰ ਐਲ.ਕੇ. ਜੈਨ, ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ ਜੇ.ਪੀ. ਸਿੰਘ, ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਸਰਬੱਤ ਸਹਿਤ ਬੀਮਾ ਯੋਜਨਾ ਦੇ ਏ.ਸੀ.ਈ.ਓ. ਡਾ. ਸ਼ਵੇਤਾ ਮਹਿੰਦਰਾ, ਡਾ. ਸੰਜੀਵ ਜੈਨ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

————–