ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣੂੰ ਕਰਵਾਉਣ ਹਿੱਤ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼

Punjab Chief Minister Captain Amarinder Singh

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣੂੰ ਕਰਵਾਉਣ ਹਿੱਤ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਨਿਯਮਿਤ ਮੁਲਾਕਾਤ ਕਰਕੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਕਿਹਾ

ਕਿਹਾ, 50 ਹਜ਼ਾਰ ਸਮਾਰਟ ਫੋਨ ਵੰਡਣ ਲਈ ਤਿਆਰ, ਪਹਿਲੇ ਪੜਾਅ ਦੌਰਾਨ ਸਰਕਾਰੀ ਸਕੂਲਾਂ ਦੀਆਂ 11ਵੀਂ ਅਤੇ 12ਵੀਂ ‘ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ

ਚੰਡੀਗੜ੍ਹ, 28 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਮਾਮਲੇ ਦੀ ਜਾਂਚ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣਕਾਰੀ ਦੇਣ ਲਈ ਇਕ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਵਿੱਚ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਥਾਂ ‘ਤੇ ਉਨ੍ਹਾਂ ਤੱਕ ਸਹੀ ਤੱਥ ਪੁੱਜਦੇ ਕੀਤੇ ਜਾ ਸਕਣ।
ਮੁੱਖ ਮੰਤਰੀ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼. ਨੂੰ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਉਨ੍ਹਾਂ ਦੇ ਮਸਲੇ ਸੁਲਝਾਉਣ ਅਤੇ ਸੂਬੇ ਦੀ ਨੌਜਵਾਨੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਨਿਯਮਿਤ ਰੂਪ ਵਿੱਚ ਮੁਲਾਕਾਤ ਕਰਦੇ ਰਹਿਣ ਦੇ ਵੀ ਨਿਰਦੇਸ਼ ਦਿੱਤੇ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਉਨ੍ਹਾਂ ਦੀ ਟੀਮ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਮਾਮਲੇ ਵਿੱਚ ਇਸ ਕਰਕੇ ਦੇਰੀ ਹੋ ਰਹੀ ਹੈ ਕਿਉਂਕਿ ਸੀ.ਬੀ.ਆਈ. ਵੱਲੋਂ ਕੇਸ ਦੀ ਜਾਂਚ-ਪੜਤਾਲ ਅਤੇ ਫਾਈਲ ਮੋੜਨ ਤੋਂ ਨਾਂਹ ਕੀਤੀ ਜਾ ਰਹੀ ਹੈ। ਇਸ ਮੁੱਦੇ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਢੁਕਵੇਂ ਢੰਗ ਨਾਲ ਟਾਕਰਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਨੌਜਵਾਨ ਆਗੂਆਂ ਨੂੰ ਇਸ ਮੁੱਦੇ ਅਤੇ ਸਰਕਾਰ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ ਸਬੰਧੀ ਆਮ ਲੋਕਾਂ ਨਾਲ ਜ਼ਮੀਨੀ ਪੱਧਰ ‘ਤੇ ਰਾਬਤਾ ਕਾਇਮ ਕਰਨ ਦਾ ਸੱਦਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿੱਚ ਦਰਸਾਏ 562 ਵਾਅਦਿਆਂ ਵਿੱਚੋਂ 435 ਪੂਰੇ ਕਰ ਦਿੱਤੇ ਹਨ ਅਤੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਦੇ ਰਾਹ ਉੱਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਸੂਬਾ ਸਰਕਾਰ ਦੀਆਂ ਅਜਿਹੀਆਂ ਪ੍ਰਾਪਤੀਆਂ ਦਾ ਲੋਕਾਂ ਤੱਕ ਪਹੁੰਚਾਇਆ ਜਾਣਾ ਬੇਹੱਦ ਜ਼ਰੂਰੀ ਹੈ ਅਤੇ ਇਸ ਮਕਸਦ ਹਿੱਤ ਨਿਯੁਕਤ ਕੀਤੇ ਜਾਣ ਵਾਲਾ ਅਫ਼ਸਰ ਪੰਜਾਬ ਯੂਥ ਕਾਂਗਰਸ ਲਈ ਜਾਣਕਾਰੀ ਦੇ ਸੂਤਰ ਵਜੋਂ ਕੰਮ ਕਰੇਗਾ।
ਸਮਾਰਟ ਫੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਗਟਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵੱਲੋਂ ਆ ਚੁੱਕੀ ਹੈ ਜਿਨ੍ਹਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ। ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ।
ਸਰਕਾਰ ਵਿੱਚ ਹੇਠਲੇ ਪੱਧਰ ‘ਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਵੱਲ ਧਿਆਨ ਦਿਵਾਏ ਜਾਣ ਉੱਤੇ ਮੁੱਖ ਮੰਤਰੀ ਨੇ ਇਨ੍ਹਾਂ ਦੀ ਤੁਰੰਤ ਪੜਤਾਲ ਅਤੇ ਵਿਜੀਲੈਂਸ ਬਿਊਰੋ ਦੁਆਰਾ ਤੁਰੰਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਯੂਥ ਆਗੂਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਜਿਵੇਂ ਹੀ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੁੰਦਾ ਹੈ ਤਾਂ ਪਹਿਲੇ ਪੜਾਅ ਦੌਰਾਨ ਸਰਕਾਰੀ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ਕਰਵਾਈਆਂ ਜਾਣਗੀਆਂ ਜਦੋਂਕਿ ਪ੍ਰਾਈਵੇਟ ਸੰਸਥਾਨਾਂ ਵਿੱਚ ਇਹ ਚੋਣਾਂ ਬਾਅਦ ਵਿੱਚ ਹੋਣਗੀਆਂ।
ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਸਰਕਾਰ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਛੇਤੀ ਹੀ ਕਈ ਸਕੀਮਾਂ ਸ਼ੁਰੂ ਕਰ ਰਹੀ ਹੈ।
ਉਨ੍ਹਾਂ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਲਈ ਜੀਅ ਜਾਨ ਨਾਲ ਜੁਟ ਕੇ ਕੰਮ ਕਰਨ ਲਈ ਵੀ ਕਿਹਾ।