ਕੋਵਿਡ ਪੋਜ਼ਟਿਵ ਮਾਮਲਿਆਂ ‘ਚ ਵਾਧੇ ਸਦਕਾ, ਡਿਪਟੀ ਕਮਿਸ਼ਨਰ ਵੱਲੋਂ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਅਪੀਲ

– ਵੈਕਸੀਨੇਸ਼ਨ ਮੁਹਿੰਮ ਤਹਿਤ 100 ਫੀਸਦ ਟੀਕਾਕਰਨ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ – ਡਿਪਟੀ ਕਮਿਸ਼ਨਰ ਸੁਰਭੀ ਮਲਿਕ
– ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਵੀ ਕੀਤੀ ਅਪੀਲ
-ਕੋਵਿਡ ਦੇ ਵੱਧ ਰਹੇ ਨਵੇਂ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾਵੇ ਪਾਲਣਾ
– ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਵੀ ਕੀਤੀ ਮੀਟਿੰਗ

ਲੁਧਿਆਣਾ, 18 ਜੂਨ (000) – ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਜ਼ਿਲ੍ਹੇ ਦੇ ਵਸਨੀਕਾਂ ਨੂੰ ਕੋਵਿਡ-19 ਵਾਇਰਸ ਤੋਂ ਬਚਾਅ ਰੱਖਣ ਦੇ ਮੰਤਵ ਨਾਲ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਉਣ ਲਈ ਪੱਬਾਂ ਭਾਰ ਹੈ। ਆਪਣੇ ਵੀਡੀਓ ਸੰਦੇਸ਼ ਰਾਹੀਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਲੁਧਿਆਣਾ ਵਾਸੀਆਂ ਨੂੰ ਇਸ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਇਸ ਵਿਸ਼ਾਲ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਵਿਅਕਤੀਆਂ ਨੂੰ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ ਕਿਉਂਕਿ ਮੌਜੂਦਾ ਸਮੇਂ ਲਗਭਗ 82 ਫੀਸਦ ਯੋਗ ਲਾਭਪਾਤਰੀਆਂ ਵੱਲੋਂ ਹੀ ਦੂਜੀ ਖੁਰਾਕ ਲਈ ਗਈ ਹੈ।

ਉਨ੍ਹਾਂ ਵਸਨੀਕਾਂ, ਖਾਸਕਰ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 12 ਤੋਂ 17 ਸਾਲ ਦੇ ਬੱਚਿਆਂ ਨੂੰ ਇਨ੍ਹਾਂ ਕੈਂਪਾਂ ਵਿੱਚ ਲੈ ਕੇ ਆਉਣ ਤਾਂ ਜੋ ਕੋਈ ਵੀ ਟੀਕਾਕਰਣ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਉਦਯੋਗਿਕ ਇਕਾਈਆਂ ਵਿਖੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਜੋ ਫੈਕਟਰੀਆਂ ਵਿੱਚ ਕਰਮਚਾਰੀਆਂ ਦੇ 100 ਫੀਸਦ ਟੀਕਾਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਮੇਂ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਪਰ ਸਾਨੂੰ ਸਾਰਿਆਂ ਨੂੰ ਖਾਸ ਤੌਰ ‘ਤੇ ਕੋਵਿਡ-19 ਇਨਫੈਕਸ਼ਨ ਦੇ ਵੱਧ ਰਹੇ ਕੇਸਾਂ ਦੌਰਾਨ ਸੁਚੇਤ ਰਹਿਣ ਦੀ ਲੋੜ ਹੈ, ਇਸ ਲਈ ਆਪਣੇ ਆਪ ਨੂੰ ਇਸ ਵਾਇਰਸ ਤੋਂ ਬਚਾਉਣ ਲਈ ਵੱਧ ਤੋਂ ਵੱਧ ਟੀਕਾਕਰਨ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਦਿਆਂ ਕੋਵਿਡ-19 ਤੋਂ ਬਚਾਅ ਸਬੰਧੀ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

ਸ੍ਰੀਮਤੀ ਮਲਿਕ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਮੌਜੂਦਾ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮੇਂ ਸਿਰ ਰੋਕਥਾਮ ਸਬੰਧੀ ਉਪਾਅ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਵਾਇਰਸ ਵਿਰੁੱਧ ਚੱਲ ਰਹੀ ਲੜਾਈ ਨੂੰ ਸਮਾਜ ਦੇ ਸਮੂਹਿਕ ਯਤਨਾਂ ਨਾਲ ਹੀ ਜਿੱਤਿਆ ਜਾ ਸਕਦਾ ਹੈ, ਇਸ ਲਈ ਸਾਨੂੰ ਇਸ ਜੰਗ ਵਿੱਚੋਂ ਜਿੱਤ ਪ੍ਰਾਪਤ ਕਰਨ ਲਈ ਸੁਚੇਤ ਰਹਿਣਾ ਚਾਹੀਦਾ ਹੈ।

ਕੋਰੋਨਾ ਪੋਜ਼ਟਿਵ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਉਨ੍ਹਾਂ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ।

 

ਹੋਰ ਪੜ੍ਹੋ :- ਵਿਦਿਅਕ ਅਦਾਰੇ ਵਿਚ ਵੋਟਾਂ ਮੰਗਣ ਲਈ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੇ ਖਿਲਾਫ ਕਾਰਵਾਈ ਕੀਤੀ ਜਾਵੇ : ਅਕਾਲੀਦਲ ਨੇ ਚੋਣ ਕਮਿਸ਼ਨ ਨੁੰ ਕੀਤੀ ਅਪੀਲ