ਅਗਾਂਹਵਧੂ ਕਿਸਾਨ ਰਾਜਵਿੰਦਰ ਸਿੰਘ ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਰਦਾ ਹੈ ਕਣਕ ਦੀ ਬਿਜਾਈ

Sorry, this news is not available in your requested language. Please see here.

ਫਾਜ਼ਿਲਕਾ 17 ਅਕਤੂਬਰ:

ਪਿੰਡ ਬੁਰਜ ਹਨੂੰਮਾਨਗੜ੍ਹ ਬਲਾਕ ਅਬੋਹਰ, ਫਾਜ਼ਿਲਕਾ ਦਾ ਰਹਿਣ ਵਾਲਾ ਅਗਾਂਹਵਧੂ ਕਿਸਾਨ ਰਾਜਵਿੰਦਰ ਸਿੰਘ ਪੁੱਤਰ ਗਾਵਾ ਸਿੰਘ ਲਗਭਗ 5 ਏਕੜ ਜ਼ਮੀਨ ਵਿੱਚ ਵਾਹੀ ਕਰਦਾ ਹੈ।ਇਹ ਅਗਾਂਹਵਧੂ ਕਿਸਾਨ ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਦਾ ਹੈ। ਇਸ ਕਿਸਾਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਨੂੰ ਸਾਂਭਣ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਇਹ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾ ਕੇ ਅਗਲੀ ਫਸਲ ਦਾ ਝਾੜ ਵੀ ਵਧਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਵੱਲੋਂ ਦੱਸਿਆ ਗਿਆ ਕਿ ਉਹ ਕਣਕ ਅਤੇ ਝੋਨੇ ਦਾ ਫਸਲੀ ਚੱਕਰ ਅਪਣਾਉਂਦਾ ਹੈ ਤੇ ਝੋਨੇ ਦੀ ਵਢਾਈ ਤੋਂ ਬਾਅਦ 12 ਏਕੜ ਵਿੱਚ ਬੇਲਰ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਬਣਵਾ ਕੇ ਚੁਕਵਾ ਦਿੰਦਾ ਹੈ ਤੇ ਫਿਰ ਕਣਕ ਦੀ ਬਿਜਾਈ ਕਰਦਾ ਹੈ ਅਤੇ 3 ਏਕੜ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਇਲਾਕੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਨ ਪੱਖੀ ਖੇਤੀ ਕਰਨ ਲਈ ਵੱਧ ਚੜ੍ਹ ਕੇ ਪ੍ਰੇਰਿਤ ਕਰ ਰਿਹਾ ਹੈ।

ਕਿਸਾਨ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸਾਨ ਪਰਾਲੀ ਦੀਆਂ ਗੱਠਾਂ ਬਣਾ ਕੇ ਚੁਕਵਾਉਣ ਉਪਰੰਤ ਕਣਕ ਦੀ ਬਿਜਾਈ ਕਰਨਗੇ ਤਾਂ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਨੂੰ ਅਸੀਂ ਪ੍ਰਦੂਸ਼ਿਤ ਹੋਣ ਤੋਂ ਬਚਾਵਾਂਗੇ ਉੱਥੇ ਹੀ ਸਾਡੀ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ। ਉਨ੍ਹਾਂ ਕਿਹਾ ਕਿ ਅਜਿਹੀ ਤਕਨੀਕ ਨਾਲ ਬੀਜੀ ਕਣਕ ਨੂੰ ਘੱਟ ਯੂਰੀਆ ਖਾਦ ਦੀ ਲੋੜ ਪੈਂਦੀ ਹੈ, ਜਿਸ ਕਾਰਨ ਵੱਧ ਖਰਚੇ ਤੋਂ ਵੀ ਬੱਚਤ ਹੁੰਦੀ ਹੈ। ਕਿਸਾਨ ਨੇ ਦੱਸਿਆ ਕਿ ਅਜਿਹਾ ਕਰਨ ਨਾਲ ਮਿੱਟੀ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਦੀਆਂ ਗੱਠਾਂ ਬਣਵਾ ਕੇ ਚੁਕਵਾਉਣ ਜਾਂ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ।