ਆਧੁਨਿਕ ਖੇਤੀ ਮਸ਼ੀਨਰੀ ਨਾਲ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਕਿਸਾਨ: ਤੇਜ ਪ੍ਰਤਾਪ ਸਿੰਘ ਫੂਲਕਾ

*ਡਿਪਟੀ ਕਮਿਸ਼ਨ ਵੱਲੋਂ ਧਨੌਲਾ ’ਚ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ
*ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਵਾਲੇ ਕਿਸਾਨ ਅਮਰਜੀਤ ਸਿੰਘ ਦੀ ਕੀਤੀ ਸ਼ਲਾਘਾ
 
ਧਨੌਲਾ/ਬਰਨਾਲਾ, 30 ਅਕਤੂਬਰ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਵਾਤਾਵਰਣ ਪੱਖੀ ਨਿਬੇੜੇ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਧਨੌਲਾ ਦੇ ਕਿਸਾਨ ਅਮਰਜੀਤ ਸਿੰਘ ਦੇ ਖੇਤ ਦਾ ਦੌਰਾ ਕੀਤਾ ਗਿਆ, ਜਿੱਥੇ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨ ਦੀ ਹੌਸਲਾ ਅਫਜ਼ਾਈ ਕੀਤੀ ਤੇ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਅਸਿਹੇ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਆਧੁਨਿਕ ਨਵੀਂ ਮਸ਼ੀਨਰੀ ਨਾਲ ਆਪਣੀ ਅਗਲੀ ਫਸਲ ਦੀ ਬਿਜਾਈ ਕਰਨ। ਉਨ੍ਹਾਂ ਦੱਸਿਆ ਕਿ ਸੁਪਰਸੀਡਰ ਨਾਲ ਝੋਨੇ ਦੀ ਪਰਾਲੀ ਅੰਦਰ ਹੀ ਖਪਤ ਹੋ ਜਂਦੀ ਹੈ ਤੇ ਨਾਲ ਹੀ ਕਣਕ ਬੀਜੀ ਜਾਂਦੀ ਹੈ, ਜਿਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਤੇ ਧਰਤੀ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਵਾਤਾਵਰਣ ਪ੍ਰਦੂਸ਼ਣ ਹੋਣ ਤੋਂ ਬੱਚਦਾ ਹੈ।
ਇਸ ਮੌਕੇ ਡਾ. ਬਲਦੇਵ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਕਿਸਾਨਾਂ ਨੂੰ ਹੱਲਾਸ਼ੇਰੀ ਦਿੰਦਿਆ ਕਿਹਾ ਕਿ ਜਿਹੜੇ ਕਿਸਾਨ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਵਿਗਿਆਨਕ ਤੇ ਨਵੀਆਂ ਤਕਨੀਕਾਂ ਨਾਲ ਖੇਤੀ ਕਰਨ ਲੱਗੇ ਹਨ, ਇੱਕ ਪਾਸੇ ਜਿੱਥੇ ਉਹ ਕਿਸਾਨ ਵਾਤਾਵਰਣ ਪ੍ਰੇਮੀ ਹੌਣ ਦਾ ਸਬੂਤ ਦਿੰਦੇ ਹਨ,  ਦੂਜੇ ਪਾਸੇ ਉਹ ਧਰਤੀ ਦੀ ਸਿਹਤ ਨੂੰ ਵੀ ਨਰੋਆ ਬਣਾਉਂਦੇ ਹਨ।
ਉੁਨ੍ਹਾਂ ਜਾਣਕਾਰੀ ਦਿੰਦਿਆ ਕਿਹਾ ਕਿ ਸੀਆਰਐਮ ਤਹਿਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਿੱਤੀ ਜਾ ਚੁੱਕੀ ਹੈ ਤੇ ਬਰਨਾਲਾ ਜ਼ਿਲ੍ਹੇ ਵਿੱਚ ਕਿਸਾਨ ਸੁਸਾਇਟੀਆਂ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਸੁਪਰਸੀਡਰ ਦਿੱਤੇ ਗਏ ਹਨ, ਜਿਨ੍ਹਾਂ ਕਿਸਾਨਾਂ ਕੋਲ ਸੁਪਰ ਸੀਡਰ ਜਾਂ ਹੋਰ ਮਸ਼ੀਨਰੀ ਨਹੀਂ ਹੈ, ਉਹ ਕਿਸਾਨ ਆਪਣੇ ਪਿੰਡ ਦੀ ਸੁਸਾਇਟੀ ਜਾਂ ਫਿਰ ਸੈਲਫ ਹੈਲਪ ਗਰੁੱਪ ਤੋਂ ਮਸ਼ੀਨਰੀ ਲੈ ਕੇ ਬਿਜਾਈ ਕਰ ਸਕਦੇ ਹਨ, ਇਸ ਲਈ ਆਪਣੇ ਬਲਾਕ/ਸਰਕਲ ਦੇ ਖੇਤੀਬਾੜੀ ਅਧਿਕਾਰੀ ਨਾਲ ਰਾਬਤਾ ਕਰਕੇ ਮਸ਼ੀਨਰੀ ਹਾਸਲ ਕਰ ਸਕਦੇ ਹਨ। ਇਸ ਮੌਕੇ ਬਹਾਦਰ ਸਿੰਘ, ਮੈਨੇਜਿੰਗ ਡਾਇਰੈਕਟਰ, ਪੰਜਾਬ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਕਿਸਾਨ ਹੋਰਨਾਂ ਲਈ ਮਿਸਾਲ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।