ਐਸ.ਸੀ. ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਲਈ 2 ਕਰੋੜ ਦੀ ਸਬਸਿਡੀ ਜਾਰੀ: ਮੋਹਨ ਲਾਲ ਸੂਦ

Sorry, this news is not available in your requested language. Please see here.

*ਜ਼ਿਲਾ ਬਰਨਾਲਾ ਦੇ 16 ਹੋਰ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹੈ ਲਾਭ

ਬਰਨਾਲਾ, 16 ਅਪਰੈਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਲਈ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਘੱਟ ਵਿਆਜ ’ਤੇ ਕਰਜ਼ੇ ਉਪਲਬਧ ਕਰਾਉਣ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ ਦੱਸਿਆ ਕਿ ਵਿੱਤੀ ਵਰੇ 2020-21 ਦੌਰਾਨ ਬੈਂਕ ਟਾਈ ਅਪ ਸਕੀਮ ਅਧੀਨ 2000 ਲਾਭਪਾਤਰੀਆਂ ਨੂੰ ਹੁਣ ਤੱਕ 2.00 ਕਰੋੜ ਦੀ ਸਬਸਿਡੀ ਜਾਰੀ ਕੀਤੀ ਜਾ ਚੁੱਕੀ ਹੈ ਜਿਸ ਨਾਲ ਇਨਾਂ ਲਾਭਪਾਤਰੀਆਂ ਨੂੰ ਬੈਂਕਾਂ ਵੱਲੋਂ ਲਗਭਗ 20 ਤੋਂ 22 ਕਰੋੜ ਰੁਪਏ ਦਾ ਕਰਜ਼ਾ ਉਪਲਬਧ ਹੋ ਜਾਵੇਗਾ, ਜਿਸ ਦੀ ਮਦਦ ਨਾਲ ਇਹ ਲਾਭਪਾਤਰੀ ਸਵੈ-ਰੋਜ਼ਗਾਰ ਸ਼ੁਰੂ ਕਰਕੇ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦੇ ਸਮਰੱਥ ਹੋ ਸਕਣਗੇ।
ਚੇਅਰਮੈਨ ਸ੍ਰੀ ਸੂਦ ਨੇ ਦੱਸਿਆ ਕਿ ਪਹਿਲਾਂ ਕਾਰਪੋਰੇਸ਼ਨ ਵੱਲੋਂ 1.50 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ 50 ਲੱਖ ਦੀ ਹੋਰ ਸਬਸਿਡੀ ਜਾਰੀ ਕੀਤੀ ਗਈ ਹੈ ਜਿਸ ਨਾਲ 500 ਹੋਰ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਚਲਾਉਣ ਲਈ ਬੈਂਕਾਂ ਪਾਸੋਂ ਕਰਜ਼ੇ ਉਪਲਬਧ ਹੋ ਜਾਣਗੇ। ਇਸ ਸਬੰਧੀ ਪੰਜਾਬ ਰਾਜ ਵਿਚ ਕਾਰਪੋਰੇਸ਼ਨ ਦੇ ਸਮੂਹ ਜ਼ਿਲਾ ਮੈਨੇਜਰਾਂ ਨੂੰ ਸਬਸਿਡੀ ਦੇ ਚੈਕ ਜਲਦੀ ਤੋਂ ਜਲਦੀ ਤਿਆਰ ਕਰਕੇ ਸਬੰਧਤ ਲਾਭਪਾਤਰੀਆਂ ਦੇ ਖਾਤਿਆ ਵਿਚ ਪਾਉਣ ਲਈ ਆਦੇਸ਼ ਦਿੱਤੇ ਗਏ ਹਨ।
ਉਨਾਂ ਦੱਸਿਆ ਕਿ ਜ਼ਿਲਾ ਬਰਨਾਲਾ ਵਿਚ ਪਹਿਲਾਂ ਬੈਂਕ ਟਾਈਅਪ ਸਕੀਮ ਅਧੀਨ 70 ਲਾਭਪਾਤਰੀਆਂ ਨੂੰ 7 ਲੱਖ ਦੇ ਚੈਕ ਦਿੱਤੇ ਗਏ ਸਨ ਤੇ ਹੁਣ 16 ਲਾਭਪਾਤਰੀਆਂ ਨੂੰ 1.60 ਲੱਖ ਰੁਪਏ ਦੇ ਹੋਰ ਚੈਕ ਜਾਰੀ ਕੀਤੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਰਜ਼ਾ ਧਾਰਕਾਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਮੁਆਫ ਕਰਦੇ ਹੋਏ 45.41 ਕਰੋੜ ਦੀ ਰਾਹਤ ਦਿੱਤੀ ਗਈ ਹੈ।
ਉਨਾਂ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜ਼ਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਕਾਰਪੋਰੇਸ਼ਨ ਵੱਲੋਂ ਕਰਜ਼ੇ ਵੰਡਣ ਦੇ ਨਾਲ-ਨਾਲ ਹੁਣ ਤੱਕ 811.46 ਲੱਖ ਪਏ ਕਰਜ਼ਿਆਂ ਦੀ ਵਸੂਲੀ ਵੀ ਕੀਤੀ ਗਈ ਹੈ, ਜੋ ਕਿ ਸਲਾਹੁਣਯੋਗ ਹੈ।