ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ

DC Barnala

Sorry, this news is not available in your requested language. Please see here.

*ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਸਣੇ ਵੱਖ ਵੱਖ ਵਿਭਾਗਾਂ ਨੂੰ ਹੰਭਲਾ ਮਾਰਨ ਲਈ ਪ੍ਰੇਰਿਆ
*ਖੇਤੀਬਾੜੀ ਵਿਭਾਗ ਵਾਤਾਵਰਣ ਅਤੇ ਕਿਸਾਨ ਪੱਖੀ ਮੋਰਚੇ ਲਈ ਡਟਿਆ

ਬਰਨਾਲਾ, 27 ਅਗਸਤ
ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ, ਉਥੇ ਕੋਵਿਡ 19 ਮਹਾਮਾਰੀ ਦੌਰਾਨ ਇਹ ਸਿਹਤ ਲਈ ਹੋਰ ਵੀ ਖਤਰਨਾਕ ਹੈ। ਇਸ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਆ ਜਾਵੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਖੇਤੀਬਾੜੀ ਸਣੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੀ ਮੁਹਿੰਮ ਨੂੰ ਭਖਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਜਿੱਥੇ ਕਰੋਨਾ ਮਹਾਮਾਰੀ ਇੱਕ ਬਹੁਤ ਵੱਡੀ ਚੁਣੌਤੀ ਬਣੀ ਹੋਈ ਹੈ, ਉੱਥੇ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਵੇਗਾ ਤੇ ਪਰਾਲੀ ਦੇ ਧੂੰਏ ਕਾਰਨ ਮਰੀਜ਼ਾਂ ਨੂੰ ਹੋਰ ਮੁਸ਼ਕਲ ਆਏਗੀ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਵਾਤਾਵਰਨ ਪੱਖੀ ਨਿਬੇੜੇ ਬਾਰੇ ਪ੍ਰੇਰਿਤ ਕੀਤਾ ਜਾਵੇੇ।
ਇਸ ਮਗਰੋਂ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਪੱਤੀ ਸੇਖਵਾਂ ਅਤੇ ਸਹਿਜੜਾ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੇ ਢੁਕਵੇਂ ਨਿਬੇੜੇ ਲਈ ਆਧੁਨਿਕ ਮਸ਼ੀਨਰੀ ਸਬਸਿਡੀ ’ਤੇ ਦੇ ਰਹੀ ਹੈ। ਜਿਹੜੇ ਕਿਸਾਨਾਂ ਕੋਲ ਹਾਲੇ ਤੱਕ ਮਸ਼ੀਨਰੀ ਨਹੀਂ ਹੈ, ਉਹ ਇਹ ਮਸ਼ੀਨਰੀ ਆਪਣੇ ਪਿੰਡ ਦੀ ਸਹਿਕਾਰੀ ਸਭਾ ਜਾ ਫਿਰ ਸੈਲਫ ਹੈਲਪ ਗਰੁੱਪਾਂ ਤੋਂ ਕਿਰਾਏ ’ਤੇ ਹਾਸਲ ਕਰਕੇ ਪਰਾਲੀ ਨੂੰ ਸਾਂਭ ਸਕਦੇ ਹਨ।