ਕਿਸਾਨਾਂ ਨੂੰ ਡੀਏਪੀ ਖਾਦ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

*ਡੀਏਪੀ ਖਾਦ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

* 12000 ਮੀਟ੍ਰਿਕ ਟਨ ਕੀਤੀ ਜਾ ਚੁੱਕੀ ਹੈ ਸਪਲਾਈ

ਬਰਨਾਲਾ, 6 ਨਵੰਬਰ 2024 

ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਹਾੜੀ 2024-25 ਲਈ ਕੁੱਲ 15600 ਮੀਟ੍ਰਿਕ ਟਨ ਖਾਦ ਦੀ ਲੋੜ ਹੈ, ਜਿਸ ‘ਚੋਂ 12000 ਮੀਟ੍ਰਿਕ ਟਨ ਸਹਿਕਾਰੀ ਸੋਸਾਈਟੀਆਂ ਅਤੇ ਪ੍ਰਾਈਵੇਟ ਫਰਮਾਂ ਕੋਲ ਸਪਲਾਈ ਕੀਤੀ ਜਾ ਚੁੱਕੀ ਹੈ ਅਤੇ ਬਾਕੀ 15 ਨਵੰਬਰ ਤੱਕ ਪਹੁੰਚਾ ਦਿੱਤੀ ਜਾਵੇਗੀ।
ਜ਼ਿਲ੍ਹਾ ਬਰਨਾਲਾ ਵਿੱਚ 1 ਲੱਖ 13000 ਹੈਕਟੇਅਰ ਰਕਬਾ ਕਣਕ ਹੇਠਾਂ ਲਗਾਇਆ ਜਾਵੇਗਾ ਜਿਸ ਵਿਚ ਵਰਤੋਂ ‘ਚ ਆਉਣ ਵਾਲੀ ਡੀ ਏ ਪੀ ਖਾਦ ਦੀ ਜ਼ਿਲ੍ਹੇ ਵਿੱਚ ਕੋਈ ਕਮੀ ਨਹੀਂ। ਡਿਪਟੀ ਕਮਿਸ਼ਨਰ ਨੇ ਪੈਸਟੀਸਾਈਡ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕੀਤੀ ਜਾਵੇ, ਅਜਿਹਾ ਕਰਨ ‘ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਕਿ ਲਗਾਤਾਰ ਪੈਸਟੀਸਾਈਡ ਦੀਆਂ ਦੁਕਾਨਾਂ ਤੇ ਖਾਦਾਂ ਦੇ ਸਟੋਰਾਂ ਦੀ ਚੈਕਿੰਗ ਕਰਨਗੀਆਂ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ। ਇਕ ਹੋਰ ਖਾਦ ਐੱਨ ਪੀ ਕੇ (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਇਕ ਬੋਰਾ ਡੀ ਏ ਪੀ ਪਿੱਛੇ ਡੇਢ ਬੋਰਾ ਐੱਨ ਪੀ ਕੇ (12:32:16) ਦੀ ਵਰਤੋਂ ਕੀਤੀ ਜਾ ਸਕਦੀ ਹੈ। ਡੀ.ਏ.ਪੀ. ਦੇ ਤੀਸਰੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸਿੰਗਲ ਸੁਪਰਫਾਸਫੇਟ ਵਿਚ 16 ਫੀਸਦੀ ਫਾਸਫੋਰਸ ਤੱਤ ਮਿਲਦਾ ਹੈ ਅਤੇ ਇਸਦੇ ਤਿੰਨ ਬੋਰਿਆਂ ਨਾਲ ਫਾਸਫੋਰਸ ਤੱਤ ਦੀ ਪੂਰਤੀ ਤੋਂ ਬਿਨਾਂ 18 ਕਿੱਲੋ ਗੰਧਕ ਵੀ ਕਣਕ ਦੀ ਫਸਲ ਨੂੰ ਮਿਲ ਸਕਦੀ ਹੈ। ਮਾਹਿਰਾਂ ਨੇ ਕਿਹਾ ਕਿ ਟਿ੍ਰਪਲ ਸੁਪਰ ਫਾਸਫੇਟ ਨੂੰ ਬਜ਼ਾਰ ਵਿਚ ਨਵੀਂ ਖਾਦ ਵਜੋਂ ਵਰਤਿਆ ਜਾ ਸਕਦਾ ਹੈ ਇਸ ਵਿਚ ਡੀ ਏ ਪੀ ਦੇ ਬਰਾਬਰ 46 ਫੀਸਦੀ ਫਾਸਫੋਰਸ ਤੱਤ ਦੀ ਮਾਤਰਾ ਮਿਲਦੀ ਹੈ। ਇਹ ਨਵੀਂ ਉੱਚ ਫਾਸਫੋਰਸ ਖਾਦ ਹੈ ਅਤੇ ਕਿਸਾਨ ਪਹਿਲੀ ਵਾਰ ਇਸ ਦੀ ਵਰਤੋਂ ਕਰ ਰਹੇ ਹਨ।

ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਐੱਨ ਪੀ ਕੇ (12:32:16) ਡੀ ਏ ਪੀ ਦਾ ਸਭ ਤੋਂ ਵਧੀਆ ਬਦਲ ਹੋ ਸਕਦਾ ਹੈ ਕਿਉਂਕਿ ਇਸਦਾ ਡੇਢ ਬੋਰਾ ਲਗਭਗ ਉਹੀ ਫਾਸਫੋਰਸ ਅਤੇ ਨਾਈਟ੍ਰੋਜਨ ਸਮੱਗਰੀ ਦੀ ਸਪਲਾਈ ਕਰਦਾ ਹੈ ਜੋ ਡੀ.ਏ.ਪੀ ਦੇ ਬਰਾਬਰ ਹੈ ਅਤੇ ਇਸ ਤੋਂ ਇਲਾਵਾ ਇਹ 23 ਕਿਲੋਗ੍ਰਾਮ ਪੋਟਾਸ਼ ਵੀ ਦਿੰਦਾ ਹੈ। ਹੋਰ ਬਦਲਾਂ ਵਿਚ ਐੱਨ ਪੀ ਕੇ (10:26:26) ਜਾਂ ਹੋਰ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਜੇਕਰ ਫਾਸਫੋਰਸ ਤੱਤ ਲਈ ਸਿੰਗਲ ਸੁਪਰ ਫਾਸਫੇਟ ਜਾਂ ਟਿ੍ਰਪਲ ਸੁਪਰ ਫਾਸਫੇਟ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਬਿਜਾਈ ਵੇਲੇ 20 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ।

ਇਸ ਮੌਕੇ ਉਹਨਾਂ ਡੀਲਰਾਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਖਾਦਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਟੈਗਿੰਗ ਨਾ ਕੀਤੀ ਜਾਵੇ।