ਰਾਜ ਭਰ ਵਿੱਚ ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਦੀ ਵੈਕਸੀਨ ਲਗਾਉਣ ਦੀ ਵੀ ਕੀਤੀ ਗਈ ਸ਼ੂਰੂਆਤ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਸਮਾਗਮ ਦੌਰਾਨ ਕੀਤਾ ਰਸਮੀਂ ਉਦਘਾਟਨ
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਤੇ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ 07 ਡਿਪੂ ਹੋਲਡਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ
ਤਰਨ ਤਾਰਨ, 16 ਜਨਵਰੀ :
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਪੂਰਾ ਕਰਨ ਲਈ ਅੱਜ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੀ ਵੰਡ ਸ਼ੁਰੂ ਕਰ ਦਿੱਤੀ ਹੈ ਅਤੇ ਇਸੇ ਨਾਲ ਹੀ ਰਾਜ ਭਰ ਵਿੱਚ ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਦੀ ਵੈਕਸੀਨ ਲਗਾਉਣ ਦੀ ਵੀ ਸ਼ੂਰੂਆਤ ਕੀਤੀ ਗਈ। ਇਹਨਾਂ ਦੋਵੇਂ ਕਾਰਜਾਂ ਦਾ ਰਸਮੀਂ ਉਦਘਾਟਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਹਾਲੀ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਵਰਚੂਅਲ ਸਮਾਗਮ ਦੌਰਾਨ ਕੀਤਾ ਗਿਆ।
ਇਸ ਵਰਚੂਅਲ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਦੇ ਮੀਟਿੰਗ ਹਾਲ ਤੋਂ ਆੱਨਲਾਈਨ ਤਰੀਕੇ ਨਾਲ ਸ਼ਿਰਕਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਰਾਸ਼ਨ ਡਿਪੂਆਂ ਦੇ ਲਾਈਸੰਸ ਹਾਸਿਲ ਕਰਨ ਵਾਲੇ ਲਾਭਪਾਤਰੀ ਵੀ ਹਾਜ਼ਰ ਸਨ।
ਇਸ ਉਪਰੰਤ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਚੋਣ ਵਾਅਦਾ ਕੀਤਾ ਸੀ ਕਿ ਹਰੇਕ ਘਰ ਨੂੰ ਇੱਕ ਨੌਕਰੀ ਜਾਂ ਰੋਜ਼ਗਾਰ ਜ਼ਰੂਰ ਦਿੱਤਾ ਜਾਵੇਗਾ। ਇਸੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪ ਹੈ ਅਤੇ ਇਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਰਾਜ ਦੇ ਨੌਜਵਾਨਾਂ ਨੂੰ ਕਾਰੋਬਾਰ ਨਾਲ ਜੋੜਨ ਲਈ ਰਾਸ਼ਨ ਡਿਪੂਆਂ ਦੀ ਵੰਡ ਕੀਤੀ ਜਾ ਰਹੀ ਹੈ। ਰਾਜ ਭਰ ਵਿੱਚ 7200 ਰਾਸ਼ਨ ਡਿਪੂਆਂ ਦੀ ਵੰਡ ਕੀਤੀ ਜਾਣੀ ਹੈ। ਉਹਨਾਂ ਕਿਹਾ ਕਿ ਡੀਪੂ ਵੰਡਣ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਰੱਖੀ ਜਾ ਰਹੀ ਹੈ ਅਤੇ ਰਾਸ਼ਨ ਡਿਪੂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵੰਡੇ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਮਜ਼ੋਰ ਤਬਕੇ ਦੇ ਲੋਕਾਂ ਲਈ ਹਾਲ ਹੀ ਵਿਚ ‘ਸਮਾਰਟ ਰਾਸ਼ਨ ਕਾਰਡ’ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨਾਲ ਯੋਗ ਲਾਭਪਾਤਰੀ ਸੂਬੇ ਦੇ ਕਿਸੇ ਵੀ ਥਾਂ ਤੋਂ ਕਣਕ ਲੈ ਸਕਦੇ ਹਨ ਅਤੇ ਹੁਣ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਅੱਜ ਜਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਕੁੱਲ 07 ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ ਹੈ। ਇਹਨਾਂ ਵਿੱਚੋਂ 04 ਲਾਭਪਤਾਰੀ ਪੱਟੀ ਅਤੇ 03 ਲਾਭਪਾਤਰੀ ਤਰਨ ਤਾਰਨ ਸ਼ਹਿਰੀ ਖੇਤਰ ਨਾਲ ਸਬੰਧਿਤ ਹਨ,ਜਿੰਨ੍ਹਾਂ ਡਿਪੂ ਹੋਲਡਰਾਂ ਨੂੰ ਅੱਜ ਅਲਾਟਮੈਂਟ ਪੱਤਰ ਸੌਂਪੇ ਗਏ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਿਹਤ ਕਰਮਚਾਰੀਆਂ ਲਈ ਕੋਵਿਡ-19 ਵੈਕਸੀਨੇਸ਼ਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਲੱਗਭੱਗ 6700 ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਵੈਕਸੀਨ ਦੀ ਦੂਜੀ ਖੁਰਾਕ 28 ਦਿਨਾਂ ਬਾਅਦ ਲਗਾਈ ਜਾਵੇਗੀ। ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀ, ਆਂਗਨਵਾੜੀ ਵਰਕਰ, 50 ਸਾਲ ਤੋਂ ਵੱਧ ਦੀ ਉਮਰ ਵਾਲੇ, ਬਿਮਾਰੀ ਤੋਂ ਪੀੜ੍ਹਤ 50 ਸਾਲ ਤੋਂ ਘੱਟ ਉਮਰ ਅਤੇ ਹੋਰ ਲੋਕ ਸ਼ਾਮਲ ਹਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ `ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਕੋਵਿਡ-19 ਵੈਕਸੀਨ ਸਬੰਧੀ ਅਫਵਾਹਾਂ ਫੈਲਾਉਂਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

हिंदी






