ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੇ ਕਰਵਾਇਆ ਕੌਮੀ ਵੈਬੀਨਾਰ

Sorry, this news is not available in your requested language. Please see here.

-ਸ੍ਰੀ ਗੁਰੂ ਤੇਗ਼ ਬਹਾਦਰੀ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ‘ਚ ਵਿਦਵਾਨਾਂ ਨੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਤੋਂ ਸੇਧ ਲੈਣ ਲਈ ਕੀਤਾ ਪ੍ਰੇਰਿਤ
-ਯੂਨੀਵਰਸਿਟੀ ਦੇ ਡਿਗਰੀ ਕੋਰਸਾਂ ‘ਚ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਦਾ ਵਿਸ਼ਾ ਲਾਜ਼ਮੀ ਵਿਸ਼ੇ ਦੇ ਤੌਰ ‘ਤੇ ਰੱਖਿਆ ਜਾਵੇਗਾ : ਉਪ ਕੁਲਪਤੀ
ਪਟਿਆਲਾ 1 ਮਈ:
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮੀ ਵੈਬੀਨਾਰ ਕਰਵਾਇਆ ਗਿਆ, ਜਿਸ ‘ਚ ਵਿਦਵਾਨਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦੀ ਅਜੋਕੇ ਸਮੇਂ ‘ਚ ਮਹੱਤਤਾ ‘ਤੇ ਚਰਚਾ ਕੀਤੀ ਗਈ। ਵੈਬੀਨਾਰ ਦੌਰਾਨ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਚੱਲਣ ਵਾਲੇ ਸਾਰੇ ਡਿਗਰੀ ਕੋਰਸਾਂ ‘ਚ ਸਿੱਖ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਦਾ ਵਿਸ਼ਾ ਲਾਜ਼ਮੀ ਵਿਸ਼ੇ ਦੇ ਤੌਰ ‘ਤੇ ਰੱਖਿਆ ਜਾਵੇਗਾ।
ਵੈਬੀਨਾਰ ਦੀ ਸ਼ੁਰੂਆਤ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾਇਰੈਕਟਰ ਯੁਵਕ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਕੌਮੀ ਵੈਬੀਨਾਰ ਦੇ ਵਿਸ਼ੇ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ਵਿਚਾਰਾਂ ਕੀਤੀਆਂ। ਇਸ ਉਪਰੰਤ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਵੈਬੀਨਾਰ ‘ਚ ਸ਼ਾਮਲ ਵਿਦਵਾਨਾਂ ਅਤੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੂੰ ਜੀ ਆਇਆਂ ਆਖਿਆ।
ਕੌਮੀ ਵੈਬੀਨਾਰ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾਇਰੈਕਟਰ, ਵਿਸ਼ਵ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬਲਕਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਵਿਦਿਅਕ ਅਦਾਰਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਲਈ ਸ਼ੁਰੂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।
ਵੈਬੀਨਾਰ ਦੌਰਾਨ ਆਪਣਾ ਕੁੰਜੀਵਤ ਭਾਸ਼ਣ ਦਿੰਦਿਆ ਡਾ. ਅਮਰਜੀਤ ਸਿੰਘ ਗਰੇਵਾਲ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦੀ ਮਹੱਤਤਾ ਅਤੇ ਕੁਰਬਾਨੀ ਰਾਹੀਂ ਲੋਕਾਈ ਨੂੰ ਦਿੱਤੇ ਸੰਦੇਸ਼ ‘ਤੇ ਚਰਚਾ ਕਰਦਿਆ ਕਿਹਾ ਕਿ ਅਜਿਹੇ ਵੈਬੀਨਾਰ ਨੌਜਵਾਨ ਪੀੜ੍ਹੀ ਨੂੰ ਸਿੱਖਾਂ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਅਤੇ ਇਤਿਹਾਸ ਨੂੰ ਜਾਨਣ ਲਈ ਕਾਫ਼ੀ ਲਾਹੇਵੰਦ ਹਨ।
ਵਿਸ਼ੇਸ਼ ਮਹਿਮਾਨ ਵਜੋਂ ਵੈਬੀਨਾਰ ‘ਚ ਸ਼ਾਮਲ ਹੋਏ ਡਾ. ਸਰਬਜਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਜਬਰ ਵਿਰੁੱਧ ਕੁਰਬਾਨੀ ਨੇ ਹਰੇਕ ਵਿਅਕਤੀ ਦੀ ਧਾਰਮਿਕ ਤੇ ਸਮਾਜਿਕ ਆਜ਼ਾਦੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਸਾਡੇ ਸਾਰੇ ਲਈ ਪ੍ਰੇਰਨਾ ਹੈ ਜੋ ਆਪਾ ਵਾਰਕੇ ਹੋਰਨਾਂ ਦੀ ਰੱਖਿਆ ਲਈ ਸਾਨੂੰ ਪ੍ਰੇਰਿਤ ਕਰਦੀ ਹੈ। ਇਸ ਮੌਕੇ ਡਾ. ਅਸ਼ਵਨੀ ਬੱਤਾ ਨੇ ਯੂਨੀਵਰਸਿਟੀ ਦੇ ਸਮੂਹ ਅਮਲੇ ਨੂੰ ਵਧਾਈ ਦਿੰਦਿਆ ਕਿਹਾ ਕਿ ਯੂਨੀਵਰਸਿਟੀ ਵੱਲੋਂ ਪਹਿਲੇ ਦਿਨ ਤੋਂ ਹੀ ਜਿਸ ਮਨੋਰਥ ਨਾਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਸੀ, ਉਸ ਪਾਸੇ ਵੱਲ ਕੰਮ ਕਰਨਾ ਸ਼ੁਰੂ ਕੀਤਾ ਹੋਇਆ ਹੈ ਜੋ ਕਿ ਸ਼ਲਾਘਾਯੋਗ ਹੈ। ਵੈਬੀਨਾਰ ਦੇ ਅਖ਼ੀਰ ‘ਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਧਰਮ ਸਿੰਘ ਸੰਧੂ ਨੇ ਸਭ ਦਾ ਧੰਨਵਾਦ ਕੀਤਾ।