ਜ਼ਿਲ੍ਹਾ ਮੈਜਿਸਟ੍ਰੇਟ ਨੇ ਪਟਾਕਿਆਂ ਦੀ ਵਿਕਰੀ ਲਈ ਕੱਢਿਆ ਡਰਾਅ, 67 ਲਾਇਸੈਂਸ ਜਾਰੀ

Sorry, this news is not available in your requested language. Please see here.

ਫਾਜ਼ਿਲਕਾ 2 ਨਵੰਬਰ

ਫਾਜ਼ਿਲਕਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 67 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਵਿਸ਼ੇਸ਼ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਗਿਆ। ਸੁਪਰਡੰਟ ਮਨਜੀਤ ਔਲਖ, ਸੁਪਰਡੰਟ ਪ੍ਰਦੀਪ ਗੱਖੜ, ਈਓ ਨਗਰ ਕੌਂਸਲ ਮੰਗਤ ਕੁਮਾਰ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਤੇ ਹੋਰ ਅਧਿਕਾਰੀਆਂ ਅਤੇ ਆਮ ਲੋਕਾਂ ਤੇ ਬਿਨੈਕਾਰਾਂ ਦੀ ਹਾਜ਼ਰੀ ਵਿੱਚ ਡਰਾਅ ਕੱਢਿਆ ਗਿਆ। ਪੂਰੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕੀਤੀ ਗਈ। ਡਰਾਅ ਕੱਢਣ ਦੀ ਪ੍ਰਕਿਰਿਆ ਆਮ ਲੋਕਾਂ ਦੀ ਹਾਜ਼ਰੀ ਵਿੱਚ ਨੇਪਰੇ ਚਾੜ੍ਹੀ ਗਈ।

ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ’ਚੋਂ 67 ਲਾਇਸੈਂਸਾਂ ਲਈ ਕੁੱਲ 2487 ਅਰਜ਼ੀਆਂ ਪ੍ਰਾਪਤ ਹੋਈਆਂ ਸਨ।  ਬਲਾਕ ਫਾਜ਼ਿਲਕਾ ਵਿੱਚ ਪਟਾਕਿਆਂ ਦੀ ਵਿਕਰੀ ਲਈ 18 ਲਾਇਸੈਂਸਾਂ ਲਈ 876 ਅਰਜ਼ੀਆਂ, ਅਬੋਹਰ ਦੇ 25 ਲਾਇਸੈਂਸਾਂ ਲਈ 1121, ਜਲਾਲਾਬਾਦ 18 ਲਾਇਸੈਂਸਾਂ ਲਈ 210 ਅਤੇ ਅਰਨੀਵਾਲਾ 6 ਲਾਇਸੈਂਸਾਂ ਲਈ 280 ਅਰਜੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ 4 ਥਾਵਾਂ ਨਿਰਧਾਰਤਿ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਲਾਇਸੈਂਸ ਧਾਰਕਾਂ ਲਈ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਹੋਵੇਗਾ

ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਅਤੇ ਕਿਸਮਿਸ ਅਤੇ ਨਵਾਂ ਸਾਲ ਮੌਕੇ ਤੇ ਰਾਤ 11.55 ਤੋਂ 12.30 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਸਨੀਕ ਪਟਾਕੇ ਨਹੀਂ ਚਲਾਏਗਾ।