ਝੋਨੇ ਦੀਆਂ ਪਾਬੰਦੀਸ਼ੁਦਾ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਾ ਕਰਨ ਕਿਸਾਨ

Sorry, this news is not available in your requested language. Please see here.

ਫਾਜ਼ਿਲਕਾ, 6 ਮਈ 2025

ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਬਿਜਾਈ  ਨਹੀਂ ਕਰਨੀ ਚਾਹੀਦੀ ਤਾਂ ਜੋ ਮੰਡੀਕਰਨ ਸਮੇਂ ਕਿਸੇ ਕਿਸਮ ਦੀ ਸਮੱਸਿਆ ਤੋਂ ਬਚਿਆ ਜਾ ਸਕੇ। ਝੋਨੇ ਦੀਆਂ ਸਿਫ਼ਾਰਸ਼ ਸ਼ੁਦਾ ਕਿਸਮਾਂ ਦੀ ਪਨੀਰੀ ਦੀ ਬਿਜਾਈ ਕਰਨ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫਸਰ ਸ੍ਰੀਮਤੀ ਮਮਤਾ ਲੂਣਾ ਨੇ ਕਿਹਾ ਕਿ ਪਿਛਲੇ ਸਾਲ ਮੰਡੀ ਵਿੱਚ ਝੋਨੇ ਦੇ ਮੰਡੀਕਰਨ ਸਮੇਂ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਨਾਲ ਕਿਸਾਨਾਂ ਨੂੰ ਵੱਡੀ ਪੱਧਰ ਤੇ ਆਰਥਿਕ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਹਾਈਬ੍ਰਿਡ ਕਿਸਮਾਂ ਦੇ ਬੀਜ ਦੀ ਵਿੱਕਰੀ ਅਤੇ ਲਵਾਈ ਕਰਨ ਤੇ ਪਾਬੰਦੀ ਲਗਾਈ ਹੈ ਅਤੇ

ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਇਨ੍ਹਾਂ ਕਿਸਮਾਂ ਦੀ ਲਵਾਈ ਨਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਬੀਜ ਵਿਕ੍ਰੇਤਾਵਾਂ ਨੂੰ ਇਨ੍ਹਾਂ ਕਿਸਮਾਂ ਦੇ ਬੀਜ ਦੀ ਵਿੱਕਰੀ ਨਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਕਿਸਾਨਾਂ ਵੱਲੋਂ ਗੁਆਂਢੀ ਰਾਜਾਂ ਤੋਂ ਹਾਈਬ੍ਰਿਡ ਕਿਸਮਾਂ ਦੇ ਬੀਜ ਖ਼ਰੀਦ ਕੇ ਪਨੀਰੀ ਦੀ ਬਿਜਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਜੋ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਪਨੀਰੀ ਦੀ ਬਿਜਾਈ ਨਾ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ  ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ਸ਼ੁਦਾ ਕਿਸਮਾਂ ਦੇ ਬੀਜ ਦੀ ਖ਼ਰੀਦ ਕਰਕੇ ਹੀ ਸਮੇਂ ਸਿਰ ਪਨੀਰੀ ਦੀ ਬਿਜਾਈ ਕਰਨੀ ਚਾਹੀਦੀ ਹੈ।