ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਸੁਚੇਤ ਕਰਨ ਲਈ ਵਿਸ਼ੇਸ ਜਾਗਰੁਕਤਾ ਮੁਹਿੰਮ ਚਲਾਉਣ ਦੇ ਦਿੱਤੇ ਆਦੇਸ਼

Sorry, this news is not available in your requested language. Please see here.

ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੁਣ ਦਿਵਿਆਂਗ ਵਿਅਕਤੀਆਂ ਅਤੇ ਬਜੁਰਗਾਂ ਨੂੰ ਨੇੜਲੇ ਕੇਂਦਰਾਂ ਵਿੱਚ ਲਗਾਈ ਜਾਵੇਗੀ ਵੈਕਸੀਨ
ਦੁਕਾਨਾਂ ‘ਤੇ ਕੰਮ ਕਰ ਰਹੇ ਵਿਅਕਤੀਆਂ, ਦੋਧੀਆਂ ਅਤੇ ਮਕੈਨਿਕਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਕੋਵਿਡ ਟੀਕਾਕਰਨ
ਤਰਨ ਤਾਰਨ, 03 ਜੂਨ 2021
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਡੀ. ਐੱਮ. ਸੀ. ਡਾ. ਭਾਰਤੀ ਧਵਨ ਅਤੇ ਡਾ. ਕੰਵਲਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਐੱਸ. ਐੱਮ. ਓ. ਵੀ ਹਾਜ਼ਰ ਸਨ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੀ ਜਾਂਚ ਲਈ ਸੈਂਪਲਿੰਗ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਕਿ ਸਰਕਾਰ ਵੱਲੋਂ ਦਿੱਤੇ ਟੀਚੇ ਨੂੰ ਮੁਕੰਮਲ ਕੀਤਾ ਜਾਵੇ ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੇਟਿਵ ਆਉਂਦਾ ਹੈ ਤਾਂ ਉਸੀ ਸਮੇਂ ਰੈਪਿਡ ਰਿਸਪੌਂਸ ਟੀਮ ਵੱਲੋਂ ਉਸ ਪਾਜ਼ੇਟਿਵ ਮਰੀਜ਼ ਦੇ ਸੰਪਰਕ ਟਰੇਸ ਕਰਕੇ ਉਨ੍ਹਾਂ ਦੇ ਟੈੱਸਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ । ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਸੁਚੇਤ ਕੀਤਾ ਜਾਵੇ ਅਤੇ ਵਿਸ਼ੇਸ ਜਾਗਰੁਕਤਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਲੱਛਣ ਆਉਣ ‘ਤੇ ਤੁਰੰਤ ਟੈੱਸਟ ਕਰਵਾਉਣ ਤੇ ਕੋਵਿਡ-19 ਸਬੰਧੀ ਵੈਕਸੀਨ ਲਗਵਾਉਣ ਲਈ ਪੇ੍ਰਰਿਤ ਕੀਤਾ ਜਾਵੇ ।
ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੀ ਦੂਜੀ ਲਹਿਰ ਚੱਲ ਰਹੀ ਹੈ, ਜੋ ਕਿ ਬਹੁਤ ਹੀ ਘਾਤਕ ਸਿੱਧ ਹੋ ਰਹੀ ਹੈ । ਇਸ ਤੋਂ ਬਚਣ ਵਾਸਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਜਿਵੇਂ ਕਿ ਮਾਸਕ ਦੀ ਸਹੀ ਤਰ੍ਹਾਂ ਵਰਤੋਂ, ਹੱਥਾਂ ਦੀ ਚੰਗੀ ਤਰ੍ਹਾਂ ਸਫਾਈ ਅਤੇ ਆਪਸੀ ਦੂਰੀ ਦੋ ਗਜ਼ ਦੀ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ ।
ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਤਰਨ ਤਾਰਨ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਿਕ ਹੁਣ ਦਿਵਿਆਂਗ ਵਿਅਕਤੀ ਅਤੇ ਬਜੁਰਗਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਉਨ੍ਹਾਂ ਦੇ ਨੇੜਲੇ ਵੈਕਸੀਨ ਕੇਂਦਰਾਂ ਵਿੱਚ ਲੱਗੇਗੀ । ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਵਿੱਚ 100% ਵੈਕਸੀਨੇਸ਼ਨ ਦਾ ਹੈ ਅਤੇ ਇਸ ਦੇ ਨਾਲ ਹੀ ਦੁਕਾਨਾਂ ‘ਤੇ ਕੰਮ ਕਰ ਰਹੇ ਵਿਅਕਤੀਆਂ, ਦੋਧੀਆਂ ਅਤੇ ਮਕੈਨਿਕਾਂ ਦਾ ਪਹਿਲ ਦੇ ਆਧਾਰ ‘ਤੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।