ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦੀ ਕੀਤੀ ਸਮੀਖਿਆ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦੀ ਕੀਤੀ ਸਮੀਖਿਆ

-ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਕੀਤਾ ਜਾਵੇ ਜਾਗਰੂਕ : ਸਾਕਸ਼ੀ ਸਾਹਨੀ
-ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਹਦਾਇਤਾਂ

ਪਟਿਆਲਾ, 9 ਸਤੰਬਰ:

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਤੇ ਸਿਵਲ ਸਰਜਨ ਡਾ. ਰਾਜੂ ਧੀਰ ਵੀ ਮੌਜੂਦ ਸਨ।

ਸਾਕਸ਼ੀ ਸਾਹਨੀ ਨੇ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਸਮੇਂ ਮਿਲਣ ਵਾਲੀਆਂ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬੱਚੇ ਦੀ ਡਿਲੀਵਰੀ ਹਸਪਤਾਲ ਵਿੱਚ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਹੋਵੇ। ਉਨ੍ਹਾਂ ਜੱਚਾ ਬੱਚਾ ਦੀ ਮੌਤ ਦਰ ਨੂੰ ਸਿਫ਼ਰ ਕਰਨ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਐਸ.ਐਮ.ਓ. ਆਪਣੇ ਖੇਤਰ ਵਿੱਚ ਗਰਭਵਤੀ ਔਰਤਾਂ ਦਾ ਪੂਰਾ ਰਿਕਾਰਡ ਅਤੇ ਸਿਹਤ ਜਾਂਚ ਦਾ ਵੇਰਵਾ ਤਿਆਰ ਕਰਨਾ ਯਕੀਨੀ ਬਣਾਉਣ ਤਾਂ ਕਿ ਡਿਲੀਵਰੀ ਤੋਂ ਪਹਿਲਾਂ ਕਿਸੇ ਵੀ ਸਿਹਤ ਸਮੱਸਿਆ ਸਬੰਧੀ ਮੁਸ਼ਕਲ ਨੂੰ ਮਾਹਰ ਡਾਕਟਰਾਂ ਵੱਲੋਂ ਹੱਲ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿਛਲੇ ਮਹੀਨੇ ਹੋਈ ਮੀਟਿੰਗ ‘ਚ ਜਾਰੀ ਹਦਾਇਤਾਂ ਦੀ ਕਾਰਵਾਈ ਰਿਪੋਰਟ ‘ਤੇ ਵੀ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਦਿੱਤੇ ਟੀਚੇ ਸਮੇਂ ਸਿਰ ਪੂਰੇ ਕਰਨ ਲਈ ਕਿਹਾ।

ਇਸ ਮੌਕੇ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਸਿਹਤ ਵਿਭਾਗ ਨਿਰੰਤਰ ਸਿਹਤ ਸੇਵਾਵਾਂ ‘ਚ ਸੁਧਾਰ ਲਈ ਯਤਨ ਕਰ ਰਿਹਾ ਹੈ। ਉਨ੍ਹਾਂ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਮੀਟਿੰਗ ‘ਚ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼. ਵੀ ਮੌਜੂਦ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।