ਡੇਂਗੂ ’ਤੇ ਵਾਰ : ਸਿਵਲ ਸਰਜਨ ਵਲੋਂ ਬੂਥਗੜ੍ਹ ਦੇ ਪਿੰਡਾਂ ’ਚ ਚੈਕਿੰਗ

Sorry, this news is not available in your requested language. Please see here.

— ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਐਸ.ਏ.ਐਸ.ਨਗਰ, 8 ਨਵੰਬਰ:

ਜ਼ਿਲ੍ਹੇ ’ਚ ਚੱਲ ਰਹੀ ਡੇਂਗੂ-ਵਿਰੋਧੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਅੱਜ ਸਵੇਰੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਾਈਂ ਚੈਕਿੰਗ ਕੀਤੀ। ਡਾ. ਮਹੇਸ਼ ਕੁਮਾਰ ਨੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨਾਲ ਪਿੰਡਾਂ ਵਿਚ ਵੱਖ-ਵੱਖ ਥਾਵਾਂ ਅਤੇ ਦੁਕਾਨਾਂ ’ਚ ਜਾ ਕੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮੌਕੇ ’ਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ।

ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ’ਚ ਕਈ ਮਹੀਨਿਆਂ ਤੋਂ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਮੁਹਿੰਮ ਦੌਰਾਨ ਲੋਕਾਂ ਨੂੰ ਲਗਾਤਾਰ ਜਾਗਰੂਕ ਵੀ ਕੀਤਾ ਜਾ ਰਿਹ ਹੈ।

ਸਿਵਲ ਸਰਜਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਾਰਜ ਸਿੰਘ, ਡਾ. ਅਰੁਣ ਬਾਂਸਲ, ਡਾ. ਵਿਕਾਸ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਲੈਬ ਤਕਨੀਸ਼ੀਅਨ ਸੁਖਦੇਵ ਸਿੰਘ, ਸਿਹਤ ਵਰਕਰ ਅਤੇ ਆਸ਼ਾ ਵਰਕਰ ਮੌਜੂਦ ਸਨ।

ਡੇਂਗੂ ਬੁਖ਼ਾਰ ਦੇ ਲੱਛਣ:

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।