ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 5 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

Sorry, this news is not available in your requested language. Please see here.

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 5 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

ਪਟਿਆਲਾ, 23 ਅਕਤੂਬਰ:

ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 5 ਲੱਖ 15 ਹਜ਼ਾਰ 834 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 5 ਲੱਖ 12 ਹਜ਼ਾਰ 192 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 802.84 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 206987 ਮੀਟਰਿਕ ਟਨ, ਮਾਰਕਫੈਡ ਵੱਲੋਂ 117342 ਮੀਟਰਿਕ ਟਨ, ਪਨਸਪ ਵੱਲੋਂ 123393 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 64470 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਮੰਡੀਆਂ ਵਿਚੋਂ ਚੁਕਾਈ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਤੇ ਹੁਣ ਤੱਕ 3 ਲੱਖ 81 ਹਜ਼ਾਰ 702 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ  ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਜਾ ਐਕਸ ਸੀਟੂ ਤਕੀਨਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਸਮੇਤ ਹੋਰ ਤਕਨੀਕੀ ਮਦਦ ਮੁਹੱਈਆ ਕਰਵਾਉਣ ਲਈ ਵਟਸਐਪ ਨੰਬਰ 86999-84423 ਜਾਰੀ ਕੀਤਾ ਹੋਇਆ ਹੈ, ਜਿਸ ਉਤੇ ਕਿਸਾਨ ਜ਼ਿਲ੍ਹੇ ਵਿੱਚ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਅਤੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰਨ ਲਈ ਸੰਪਰਕ ਨੰਬਰ ਸਮੇਤ ਆਈ-ਖੇਤ ਐਪ ਅਤੇ ਨਵੀਂ ਮਸ਼ੀਨਰੀ ਅਪਲਾਈ ਕਰਨ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।