ਪਿੰਡ ਮਰੜ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਸਟੇਡੀਅਮ – ਤ੍ਰਿਪਤ ਬਾਜਵਾ

Sorry, this news is not available in your requested language. Please see here.

ਬਟਾਲਾ, 19 ਜੂਨ 2021 ਪੰਜਾਬ ਸਰਕਾਰ ਵੱਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਰੜ ਵਿਖੇ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਸਟੇਡੀਅਮ ਤਿਆਰ ਕੀਤਾ ਜਾਵੇਗਾ ਤਾਂ ਜੋ ਇਸ ਇਲਾਕੇ ਦੇ ਨੌਜਵਾਨ ਵੀ ਰਾਸ਼ਟਰੀ ਖੇਡ ਵਿੱਚ ਮੁਹਾਰਤ ਹਾਸਲ ਕਰਕੇ ਅੱਗੇ ਨਿਕਲ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡ ਮਰੜ ਵਿਖੇ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਬਣਾਏ ਜਾਣ ਵਾਲੇ ਐਸਟਰੋਟਰੱਫ ਹਾਕੀ ਸਟੇਡੀਅਮ ਦੀ ਉਸਾਰੀ ਉੱਪਰ ਪੰਜਾਬ ਸਰਕਾਰ ਵੱਲੋਂ 5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਾਕੀ ਸਟੇਡੀਅਮ ਵਿੱਚ ਐਸਟਰੋਟਰੱਫ਼ ਨੀਦਰਲੈਂਡ ਤੋਂ ਐਕਸਪੋਰਟ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਮਰੜ ਵਿਖੇ ਬਣਨ ਵਾਲਾ ਇਹ ਹਾਕੀ ਸਟੇਡੀਅਮ ਅੰਤਰਰਾਸ਼ਟਰੀ ਪੱਧਰ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੀ ਬਦੌਲਤ ਪਿੰਡ ਮਰੜ ਰਾਸ਼ਟਰੀ ਖੇਡ ਹਾਕੀ ਦੀ ਨਰਸਰੀ ਵਜੋਂ ਉੱਭਰ ਕੇ ਸਾਹਮਣੇ ਆਵੇਗਾ ਅਤੇ ਉਮੀਦ ਹੈ ਕਿ ਇਸ ਇਲਾਕੇ ਵਿੱਚੋਂ ਨਾਮੀ ਹਾਕੀ ਦੇ ਖਿਡਾਰੀ ਪੈਦਾ ਹੋਣਗੇ ਜੋ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਸ. ਬਾਜਵਾ ਨੇ ਕਿਹਾ ਕਿ ਪਿੰਡ ਮਰੜ ਪਹਿਲਾਂ ਵੀ ਹਾਕੀ ਦੀ ਖੇਡ ਵਿੱਚ ਕਾਫੀ ਅੱਗੇ ਰਿਹਾ ਹੈ ਅਤੇ ਇਸ ਪਿੰਡ ਦੇ ਜੰਮਪਲ ਬ੍ਰਿਗੇਡੀਅਰ ਹਰਚਰਨ ਸਿੰਘ ਭਾਰਤੀ ਹਾਕੀ ਟੀਮ ਦੇ ਖਿਡਾਰੀ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਮਰੜ ਅਤੇ ਇਲਾਕੇ ਦੇ ਲੋਕਾਂ ਦੀ ਇਹ ਮੰਗ ਸੀ ਕਿ ਇਥੇ ਇੱਕ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਸਟੇਡੀਅਮ ਬਣਾਇਆ ਜਾਵੇ ਜਿਸਨੂੰ ਪੰਜਾਬ ਸਰਕਾਰ ਨੇ ਮਨਜ਼ੂਰ ਕਰ ਦਿੱਤਾ ਹੈ। ਸ. ਬਾਜਵਾ ਨੇ ਕਿਹਾ ਕਿ ਜਲਦੀ ਹੀ ਇਸ ਸਟੇਡੀਅਮ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਹਾਕੀ ਸਟੇਡੀਅਮ ਇਲਾਕੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਵਿਚ ਆਪਣਾ ਅਹਿਮ ਰੋਲ ਅਦਾ ਕਰੇਗਾ।