— ਤਿੰਨ ਕੈਂਪਾਂ ’ਚ 500 ਤੋਂ ਵੱਧ ਆਯੁਸ਼ਮਾਨ ਕਾਰਡ ਬਣਾਏ
ਐੱਸ ਏ ਐੱਸ ਨਗਰ 1 ਨਵੰਬਰ :
ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ‘ਆਯੁਸ਼ਮਾਨ ਭਾਰਤ’ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਇਹ ਕਾਰਡ ‘ਆਯੁਸ਼ਮਾਨ ਭਵ’ ਮੁਹਿੰਮ ਤਹਿਤ ਬਣਾਏ ਜਾ ਰਹੇ ਹਨ ਜਿਸ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤਕ ਦੇ ਮੁਫ਼ਤ ਡਾਕਟਰੀ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਦਸਿਆ ਕਿ ਬੀਤੇ ਤਿੰਨ ਦਿਨਾਂ ਦੌਰਾਨ ਪਿੰਡ ਬਹਿਲੋਲਪੁਰ ਅਤੇ ਜੁਝਾਰਨਗਰ ਵਿਚ ਸਿਹਤ ਵਿਭਾਗ ਵਲੋਂ ਇਹ ਕਾਰਡ ਬਣਾਉਣ ਲਈ ਕੈਂਪ ਲਗਾਏ ਗਏ ਜਿਸ ’ਚ ਭਾਰੀ ਗਿਣਤੀ ’ਚ ਲੋਕਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦਸਿਆ ਕਿ ਇਨ੍ਹਾਂ ਕੈਂਪਾਂ ’ਚ 506 ਕਾਰਡ ਬਣਾਏ ਗਏ। ਉਨ੍ਹਾਂ ਦਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿਹਤ ਸਕੀਮਾਂ ਨੂੰ ਆਖਰੀ ਕਤਾਰ ਵਿਚ ਖੜ੍ਹੇ ਵਿਅਕਤੀਆ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਅਪਣੇ ਆਯੁਸਮਾਨ ਕਾਰਡ ਬਣਾਉਣ ਤਾਕਿ ਉਨ੍ਹਾਂ ਨੂੰ ਮੁਫ਼ਤ ਡਾਕਟਰੀ ਇਲਾਜ ਦੀ ਸਹੂਲਤ ਮਿਲ ਸਕੇ। ਲੋਕ ਅਪਣੀ ਪਾਤਰਤਾ ਜਾਣਨ ਲਈ ਅਪਣੀ ਨੇੜਲੀ ਸਿਹਤ ਸੰਸਥਾ ਵਿਚ ਜਾ ਸਕਦੇ ਹਨ।
ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਿਰਨਜੀਤ ਕੌਰ, ਡਾ. ਜਯੋਤੀ, ਚਰਨਪ੍ਰੀਤ ਸਿੰਘ, ਰਣਜੀਤ, ਕੁਲਵਿੰਦਰ ਕੌਰ ਅਤੇ ਆਸ਼ਾ ਵਰਕਰ ਮੌਜੂਦ ਸਨ।

हिंदी






