ਪੰਜਾਬ ਦੀਆਂ ਮੰਡੀਆਂ ’ਚ ਹੁਣ ਤੱਕ ਪਹੁੰਚੀ ਕਣਕ ਵਿੱਚੋਂ 98 ਫੀਸਦੀ ਖਰੀਦ ਮੁਕੰਮਲ

Sorry, this news is not available in your requested language. Please see here.

86.90 ਲੱਖ ਮੀਟਰਕ ਟਨ ਕਣਕ ਦੀ ਆਮਦ,  85.28 ਲੱਖ ਮੀਟਰਕ ਟਨ ਖਰੀਦੀ-ਵਿਸਵਾਜੀਤ ਖੰਨਾ
ਕਿਸਾਨਾਂ ਨੂੰ ਹੁਣ ਤੱਕ 11.17 ਲੱਖ ਪਾਸ ਜਾਰੀ ਕੀਤੇ

ਚੰਡੀਗੜ, 3 ਮਈ
ਕਰੋਨਾਵਾਇਰਸ ਦੀ ਮਹਾਮਾਰੀ ਕਾਰਨ ਸੂਬੇ ਵਿੱਚ ਕਰਫਿੳੂ ਦੀਆਂ ਬੰਦਸ਼ਾਂ ਦੇ ਚੁਣੌਤੀਪੂਰਨ ਸਮੇਂ ਦੇ ਬਾਵਜੂਦ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ ਕਣਕ ਦੀ 98 ਫੀਸਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦੱਸਿਆ ਕਿ ਸੂਬਾ ਭਰ ਦੀਆਂ ਮੰਡੀਆਂ ਵਿੱਚ ਹੁਣ ਤੱਕ 86.90 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 85.28 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਹ ਵੀ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਨੇ ਕਣਕ ਦੀ ਖਰੀਦ 15 ਅਪ੍ਰੈਲ ਤੋਂ ਸ਼ੁਰੂ ਹੋਣ ਦੇ 18 ਦਿਨਾਂ ਦੇ ਸਮੇਂ ਵਿੱਚ ਕੁੱਲ ਅਨੁਮਾਨਿਤ 135 ਲੱਖ ਮੀਟਰਕ ਟਨ ਵਿੱਚੋਂ 65 ਫੀਸਦੀ ਖਰੀਦ ਮੁਕੰਮਲ ਕਰ ਲਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਸਾਰੇ ਜ਼ਿਲਿਆਂ ਵਿੱਚੋਂ ਸੰਗਰੂਰ ਜ਼ਿਲੇ ਵਿੱਚ ਸਭ ਤੋਂ ਵੱਧ 8.16 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜੋ ਸੂਬੇ ਵਿੱਚ ਹੁਣ ਤੱਕ ਪਹੁੰਚੀ ਕੁੱਲ ਕਣਕ ਦਾ ਲਗਪਗ 10 ਫੀਸਦੀ ਬਣਦੀ ਹੈ, ਵਿੱਚੋਂ 8.05 ਲੱਖ ਮੀਟਰਕ ਟਨ ਕਣਕ ਖਰੀਦੀ ਵੀ ਜਾ ਚੁੱਕੀ ਹੈ। ਇਸ ਤੋਂ ਬਾਅਦ ਪਟਿਆਲਾ ਅਤੇ ਬਠਿੰਡਾ ਵਿੱਚ ਕ੍ਰਮਵਾਰ ਵਿੱਚ 6.87 ਲੱਖ ਮੀਟਰਕ ਟਨ ਅਤੇ 6.80 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ।
ਸੂਬਾ ਭਰ ਦੀਆਂ ਮੰਡੀਆਂ ’ਚ ਕਣਕ ਦੀ ਪੜਾਅਵਾਰ ਆਮਦ ਦੇ ਬਾਵਜੂਦ ਸ੍ਰੀ ਖੰਨਾ ਨੇ ਦੱਸਿਆ ਕਿ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਆਮਦ ਬੇਸ਼ਕ ਥੋੜੀ ਘੱਟ ਹੈ ਪਰ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਦਿਆਂ ਕਣਕ ਦੀ ਆਮਦ ਦੀ ਗਤੀ ਨੂੰ ਪਾਸ ਪ੍ਰਣਾਲੀ ਰਾਹੀਂ ਜਾਰੀ ਰੱਖਿਆ ਹੋਇਆ ਹੈ ਤਾਂ ਕਿ ਨਿਰਵਿਘਨ ਖਰੀਦ ਦੇ ਨਾਲ-ਨਾਲ ਹਾੜੀ ਦੇ ਮੰਡੀਕਰਨ ਸੀਜ਼ਨ ਦੌਰਾਨ ਸਾਰੀਆਂ ਧਿਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਵਧੀਕ ਮੁੱਖ ਸਕੱਤਰ ਨੇ ਖੁਲਾਸਾ ਕੀਤਾ ਕਿ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਵੱਲੋਂ ਹੁਣ ਤੱਕ ਕਿਸਾਨਾਂ ਨੂੰ ਆੜਤੀਆਂ ਰਾਹੀਂ 11.17 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਕਣਕ ਦੀ ਖਰੀਦ ਲਈ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨਾਂ ਦਾ ਧੰਨਵਾਦ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਸੀਜ਼ਨ ਦੌਰਾਨ ਸਭ ਤੋਂ ਵੱਡੀ ਚੁਣੌਤੀ ਮੰਡੀਆਂ ਵਿੱਚ ਭੀੜ-ਭੜੱਕਾ ਰੋਕਣਾ ਸੀ ਜਿਸ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਪੜਾਅਵਾਰ ਫਸਲ ਲਿਆਉਣ ਦੀ ਅਪੀਲ ਕੀਤੀ ਗਈ ਸੀ।
ਸ੍ਰੀ ਖੰਨਾ ਨੇ ਦੱਸਿਆ ਕਿ ਕੋਵਿਡ-19 ਬਾਰੇ ਸੂਬਾ ਸਰਕਾਰ ਦੇ ਸਿਹਤ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਦੀ ਗਿਣਤੀ 1834 ਤੋਂ ਵਧਾ ਕੇ ਇਸ ਸਾਲ ਲਗਪਗ 4000 ਤੱਕ ਕਰ ਦਿੱਤੀ ਸੀ ਅਤੇ ਇੱਥੋਂ ਤੱਕ ਕਿ ਸ਼ੈਲਰਾਂ ਨੂੰ ਵੀ ਇਸ ਵਾਰ ਖਰੀਦ ਕੇਂਦਰ ਮਨੋਨੀਤ ਕੀਤਾ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।