— ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕੱਢੀ ਜਾ ਰਹੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਅਗਲੇ ਪੜਾਅ
ਲਈ ਕੀਤਾ ਰਵਾਨਾ
ਰੂਪਨਗਰ, 08 ਨਵੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕੱਢੀ ਜਾ ਰਹੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਅਗਲੇ ਪੜਾਅ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਲਈ ਰਵਾਨਾ ਕਰਨ ਸਮੇਂ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਵਿੱਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨ ਸਣੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ, ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 7 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ ਅਤੇ ਇਸ ਰੈਲੀ ਨੂੰ ਰਾਜਪਾਲ ਪੰਜਾਬ ਵੱਲੋਂ ਫਲੈਗ-ਇਨ ਕੀਤਾ ਜਾਵੇਗਾ।
ਇਸ ਮੌਕੇ ਕੈਪਟਨ ਹਰਪਾਲ ਸਿੰਘ, ਸੁਪਰਡੈਂਟ ਗੁਰਨਾਮ ਸਿੰਘ ਸਮੂਹ ਸਟਾਫ਼ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰ ਹਾਜਰ ਸਨ।

हिंदी






